23ਅੰਮ੍ਰਿਤਸਰ ੨੩ ਸਤੰਬਰ (      ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਜੋਤੀ-ਜੋਤ ਸਮਾਉਣ ਅਤੇ ਜਿਨ੍ਹਾਂ ਦੀ ਬਾਣੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਉਨ੍ਹਾਂ ਭਗਤਾਂ ਦੇ ਜਨਮ ਦਿਹਾੜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ।ਇਸੇ ਭਾਵਨਾ ਤਹਿਤ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਵੀ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਸ਼ੇਖ ਫਰੀਦ ਜੀ ਦੇ ੪ ਸ਼ਬਦ ਅਤੇ ੧੧੨ ਸਲੋਕ ਦਰਜ ਹਨ।ਉਨ੍ਹਾਂ ਕਿਹਾ ਕਿ ਭਗਤ ਜੀ ਦੇ ਇਲਾਹੀ ਉਪਦੇਸ਼ਾਂ ਤੋਂ ਮਨੁੱਖ ਨੂੰ ਜੀਵਨ ਜੀਉਣ ਦਾ ਮਾਰਗ ਮਿਲਦਾ ਹੈ।ਉਨ੍ਹਾਂ ਦੀ ਬਾਣੀ ਵੈਰਾਗਮਈ ਤੇ ਮਾਖਿਓ ਮਿੱਠੀ ਹੈ।ਉਨ੍ਹਾਂ ਕਿਹਾ ਕਿ ਭਗਤ ਸ਼ੇਖ ਫਰੀਦ ਜੀ ਦੀ ਬਾਣੀ ‘ਚ ਮਨੁੱਖ ਲਈ ਸੰਦੇਸ਼ ਹੈ ਕਿ ਪਰਮਾਤਮਾ ਨੂੰ ਛੱਡ ਕੇ ਪਰਾਏ ਦਰਾਂ ‘ਤੇ ਬੈਠਿਆ ਨਹੀਂ ਜਾ ਸਕਦਾ।ਮਨੁੱਖ ਨੂੰ ਦੁਨਿਆਵੀ ਰੰਗ-ਤਮਾਸ਼ਿਆਂ ਤੇ ਹੋਰ ਰਸਾਂ ਨੂੰ ਛੱਡ ਕੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ ਜੋ ਇਨਸਾਨ ਦੇ ਕੰਮ ਆਉਣਾ ਹੈ।ਇਸ ਸਮੇਂ ਉਨ੍ਹਾਂ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਰਣਜੀਤ ਸਿੰਘ ਤੇ ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਲਖਵਿੰਦਰ ਸਿੰਘ ਬਦੋਵਾਲ ਤੇ ਸ. ਲਖਬੀਰ ਸਿੰਘ ਡੋਗਰ ਵਧੀਕ ਮੈਨੇਜਰ, ਸ. ਮਨਜੀਤ ਸਿੰਘ, ਸ. ਗੁਰਿੰਦਰ ਸਿੰਘ ਠਰੂ ਤੇ ਸ. ਜਸਵਿੰਦਰ ਸਿੰਘ ਦੀਪ ਇੰਚਾਰਜ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।