ਅੰਮ੍ਰਿਤਸਰ, 04 ਦਸੰਬਰ- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਬਾਬਾ ਗੁਰਬਖ਼ਸ਼ ਸਿੰਘ ਜੀ ਸਿੱਖ ਕੌਮ ਦੇ ਮਾਣਮੱਤੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅਹਿਮਦ ਸ਼ਾਹ ਅਬਦਾਲੀ ਦੀ ਤੀਹ ਹਜ਼ਾਰ ਫ਼ੌਜ ਦਾ ਮੁਕਾਬਲਾ ਆਪਣੇ ਕੇਵਲ ਕੁਝ ਕੁ ਸਾਥੀਆਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖ਼ਸ਼ ਸਿੰਘ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਆਪਣੇ ਧਰਮ ਅਸਥਾਨਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਅਗਵਾਈ ਦੇਣ ਵਾਲੀ ਹੈ ਅਤੇ ਅਜੋਕੀ ਸਿੱਖ ਨੌਜੁਆਨੀ ਨੂੰ ਉਨ੍ਹਾਂ ਦੀ ਦੇਣ ਤੋਂ ਪ੍ਰੇਰਣਾ ਪ੍ਰਾਪਤ ਕਰਨੀ ਚਾਹੀਦੀ ਹੈ। ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਨਿਸ਼ਾਨ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਪ੍ਰੀਤਪਾਲ ਸਿੰਘ ਐਲ.ਏ., ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਪਰਮਦੀਪ ਸਿੰਘ, ਸ. ਗੁਰਦਿਆਲ ਸਿੰਘ, ਸ. ਦੀਪਇੰਦਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਮਨਜੀਤ ਸਿੰਘ, ਸ. ਪਲਵਿੰਦਰ ਸਿੰਘ, ਐਡੀਸ਼ਨਲ ਮੈਨੇਜਰ ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਦਰਸ਼ਨ ਸਿੰਘ ਥੰਮਣਗੜ੍ਹ, ਸ. ਸਤਨਾਮ ਸਿੰਘ ਮਾਂਗਾਸਰਾਏ , ਸ. ਪਰਮਜੀਤ ਸਿੰਘ, ਸ. ਨਿਸ਼ਾਨ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।