ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਵਿਸ਼ੇਸ਼ ਯਤਨ-ਡਾ. ਰੂਪ ਸਿੰਘ

ਅੰਮ੍ਰਿਤਸਰ, ੨ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵਣ ਵਿਭਾਗ ਨਾਲ ਮਿਲ ਕੇ ਗੁਰਦੁਆਰਾ ਸਾਹਿਬਾਨ, ਸਕੂਲਾਂ/ਕਾਲਜਾਂ ਸਮੇਤ ਹੋਰ ਅਦਾਰਿਆਂ ਵਿਚ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਵਾਤਾਵਰਣ ਦੀ ਸ਼ੁਧਤਾ ਲਈ ਆਰੰਭੀ ਜਾਣ ਵਾਲੀ ਇਹ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਵੇਗੀ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ ਨਾਲ ਅੰਮ੍ਰਿਤਸਰ ਦੇ ਵਣ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਗੁਲਾਟੀ ਅਤੇ ਹੋਰਾਂ ਨੇ ਮੀਟਿੰਗ ਕਰ ਕੇ ਲਗਾਏ ਜਾਣ ਵਾਲਿਆਂ ਬੂਟਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਵਿਚ ਵੱਡੀ ਪੱਧਰ ‘ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਣ ਵਿਭਾਗ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰਵਾਇਤੀ ਬੂਟਿਆਂ ਦੇ ਨਾਲ-ਨਾਲ ਔਸ਼ਧੀ ਗੁਣ ਵਾਲੇ ਪੌਦੇ ਲਗਾਉਣ ਲਈ ਵੀ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਵਾਤਾਵਰਣ ਦੀ ਸ਼ੁੱਧਤਾ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਹੁਣ ਇਸ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ। ਡਾ. ਰੂਪ ਸਿੰਘ ਅਨੁਸਾਰ ਵਣ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਬੂਟਿਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸੰਸਥਾਵਾਂ ਨੂੰ ਸਰਕੂਲਰ ਜਾਰੀ ਕੀਤਾ ਜਾਵੇਗਾ ਅਤੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟਿਆਂ ਲਈ ਜਗ੍ਹਾ ਦੀ ਚੋਣ ਕੀਤੀ ਜਾਵੇਗੀ।
ਇਸ ਦੌਰਾਨ ਵਣ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਬੂਟੇ ਬਿਲਕੁਲ ਮੁਫ਼ਤ ਦਿੱਤੇ ਜਾਣਗੇ ਜਦਕਿ ਇਸ ਦੀ ਪਾਲਣਾ-ਪੋਸ਼ਣਾ ਦੀ ਜ਼ੁੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ। ਮੀਟਿੰਗ ਦੌਰਾਨ ਡਾ. ਰੂਪ ਸਿੰਘ ਵੱਲੋਂ ਸੁਝਾਅ ਅਨੁਸਾਰ ਵਣ ਅਧਿਕਾਰੀਆਂ ਨੇ ਚੰਦਨ ਦੇ ਬੂਟੇ ਲਗਾਉਣ ਦੀ ਵੀ ਹਾਮੀ ਭਰੀ। ਵਣ ਅਧਿਕਾਰੀਆਂ ਅਨੁਸਾਰ ਚੰਦਨ ਦੇ ਬੂਟੇ ਪਹਿਲਾਂ ਤਾਮਿਲਨਾਡੂ ਅਤੇ ਕਰਨਾਟਕਾ ਵਿਖੇ ਵਧੇਰੇ ਮਾਤਰਾ ਵਿਚ ਪਾਏ ਜਾਂਦੇ ਹਨ, ਜਦਕਿ ਹੁਣ ਪਿਛਲੇ ੭-੮ ਸਾਲਾਂ ਤੋਂ ਪੰਜਾਬ ਦੇ ਕੁਝ ਨੀਮ ਪਹਾੜੀ ਜ਼ਿਲ੍ਹਿਆਂ ਵਿਚ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਦੇ ਸੁਝਾਅ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਚੰਦਨ ਦੇ ਬੂਟੇ ਹੁਸ਼ਿਆਰਪੁਰ, ਗੁਰਦਾਸਪੁਰ, ਮੋਹਾਲੀ ਆਦਿ ਜ਼ਿਲ੍ਹਿਆਂ ਵਿਚ ਲਗਾਏ ਜਾਣਗੇ। ਇਸ ਮੌਕੇ ਵਣ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਬਲਾਕ ਵਣ ਅਫ਼ਸਰ ਸ. ਮੋਕਨਦੀਪ ਸਿੰਘ ਅਤੇ ਸ. ਸੁਖਵਿੰਦਰ ਸਿੰਘ ਚੌਹਾਨ ਮੌਜੂਦ ਸਨ।