ਸੰਗਤਾਂ 31 ਦਸੰਬਰ 2020 ਤੱਕ ਭੇਜ ਸਕਦੀਆਂ ਹਨ ਆਪਣੇ ਪਾਸਪੋਰਟ

ਅੰਮ੍ਰਿਤਸਰ, 12 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2021 ਵਿਚ ਪਾਕਿਸਤਾਨ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਦੇੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼ਰਧਾਲੂ 31 ਦਸੰਬਰ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ। ਮੁੱਖ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਕਤ ਤਾਰੀਕ ਅਨੁਸਾਰ ਭੇਜਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ। ਪਛਾਣ ਪੱਤਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੁਕੰਮਲ ਤੇ ਦਰੁੱਸਤ ਵੇਰਵੇ ਭੇਜੇ ਜਾਣ, ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।