ਅੰਮ੍ਰਿਤਸਰ, 16 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ, ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਇਕ ਮਿਸਾਲ ਹੈ, ਜਿਸ ਦੀ ਪ੍ਰੇਰਣਾ ਬੱਚਿਆਂ ਅਤੇ ਨੌਜੁਆਨਾਂ ਦੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਸਿੱਖ ਯੋਧਿਆਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ। ਸ਼ਹੀਦ ਭਾਈ ਤਾਰੂ ਸਿੰਘ ਸਿੱਖ ਕੌਮ ਦੇ ਮਹਾਨ ਸ਼ਹੀਦ ਹਨ, ਉਨ੍ਹਾਂ ਦੀ ਕੁਰਬਾਨੀ ਕੌਮ ਦੀ ਨੌਜੁਆਨ ਪੀੜ੍ਹੀ ਲਈ ਰਾਹ-ਦਸੇਰਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਭੂਰਾਕੋਹਨਾ, ਸ. ਕੁਲਦੀਪ ਸਿੰਘ ਤੇੜਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਬਚਨ ਸਿੰਘ ਲੇਹਲ, ਸ. ਹਰਜੀਤ ਸਿੰਘ ਲਾਲੂਘੁੰਮਣ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਮਨਜੀਤ ਸਿੰਘ, ਸ. ਨਿਰਵੈਲ ਸਿੰਘ, ਸਮੇਤ ਸੰਗਤਾਂ ਹਾਜ਼ਰ ਸਨ।