ਅੰਮ੍ਰਿਤਸਰ, ੧੬ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਸ਼ਹੀਦ ਭਾਈ ਤਾਰੂ ਸਿੰਘ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ, ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਇਕ ਮਿਸਾਲ ਹੈ, ਜਿਸ ਦੀ ਪ੍ਰੇਰਣਾ ਬੱਚਿਆਂ ਅਤੇ ਨੌਜੁਆਨਾਂ ਦੀ ਦੇਣੀ ਚਾਹੀਦੀ ਹੈ ਤਾਂ ਜੋ ਉਹ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ। ਇਸ ਉਪਰੰਤ ਸਜੇ ਦੀਵਾਨ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਜ਼ੋਸ਼ੀਲੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਭਾਈ ਤਾਰੂ ਸਿੰਘ ਦੇ ਇਤਿਹਾਸਕ ਪ੍ਰਸੰਗ ਨਾਲ ਜੋੜਿਆ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਬੱਚਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮਿੰਦਰ ਸਿੰਘ ਮਠਾਰੂ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਨਿਸ਼ਾਨ ਸਿੰਘ, ਮੈਨੇਜਰ ਸ. ਮਨਜਿੰਦਰ ਸਿੰਘ ਮੰਡ, ਵਧੀਕ ਮੈਨੇਜਰ ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਗੁਰਿੰਦਰ ਸਿੰਘ ਠਰੂ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸੰਗਤਾਂ ਹਾਜ਼ਰ ਸਨ।