ਅੰਮ੍ਰਿਤਸਰ, 3 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸਿੱਖ ਕੌਮ ਦੇ ਇਤਿਹਾਸ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕੀਤਾ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸਿੱਖ ਨੌਜਵਾਨ ਪੀੜੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਸ. ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ ਸਮੇਤ ਸੰਗਤਾਂ ਹਾਜ਼ਰ ਸਨ।