ਅੰਮ੍ਰਿਤਸਰ, ੨ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗੰ੍ਰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਗੁਰਮੁੱਖ ਸਿੰਘ ਨੇ ਲਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸ ਪਾਵਨ ਤਖ਼ਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਤਖ਼ਤ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਦਾ ਪ੍ਰਤੀਕ ਹੈ ਅਤੇ ਸਿੱਖ ਜਗਤ ਅੰਦਰ ਇਸ ਦਾ ਵੱਡਾ ਸਤਿਕਾਰ ਹੈ। ਉਨ੍ਹਾਂ ਇਸ ਦਿਹਾੜੇ ‘ਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੀ ਧਾਰਨੀ ਬਣਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ ਵਧੀਕ ਮੈਨੇਜਰ ਸਮੇਤ ਸੰਗਤਾਂ ਹਾਜ਼ਰ ਸਨ।