ਅੰਮ੍ਰਿਤਸਰ, ੨ ਜੁਲਾਈ- ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗੰ੍ਰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਵਾ ਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਤਖ਼ਤ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਦਾ ਪ੍ਰਤੀਕ ਹੈ ਅਤੇ ਇਸਦੀ ਸ਼ਾਨਾਂ ਦੁਨੀਆਵੀਂ ਤਖ਼ਤਾਂ ਤੋਂ ਕਿਤੇ ਉੱਚੀਆਂ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸਿੱਖ ਜਗਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਇਥੋਂ ਜਾਰੀ ਹਰ ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ‘ਚ ਨਿਕਲਣ ਲਈ ਕੌਮੀ ਇਕਜੁਟਤਾ ਦੀ ਵੱਡੀ ਲੋੜ ਹੈ। ਉਨ੍ਹਾਂ ਇਸ ਦਿਹਾੜੇ ‘ਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੀ ਧਾਰਨੀ ਹੋਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਮੁਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਸ. ਗੁਰਬਚਨ ਸਿੰਘ ਲੇਹਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਪਰਮਜੀਤ ਸਿੰਘ, ਸ. ਲਖਬੀਰ ਸਿੰਘ, ਮੀਤ ਮੈਨੇਜਰ ਸ. ਜਗਤਾਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।