ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਕਰ ਰਹੀ ਹੈ ਨਿਰੰਤਰ ਕਾਰਜ -ਐਡਵੋਕੇਟ ਧਾਮੀ

ਅੰਮ੍ਰਿਤਸਰ, 11 ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਰਿਹਾਇਸ਼ ਦੇ ਵਿਸਥਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਹੋਰ ਸਰਾਂ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਹ ਨਿਵਾਸ ਕੇਸਰੀ ਬਾਗ ਵਿਖੇ ਭਗਤ ਨਾਮਦੇਵ ਜੀ ਦੇ ਨਾਂ ’ਤੇ ਬਣਾਈ ਜਾਵੇਗੀ, ਜਿਸ ਦੀ ਕਾਰਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਨਿਵਾਸ ਦਾ ਨੀਂਹ ਪੱਥਰ ਰੱਖਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਆਮਦ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੀ ਰਿਹਾਇਸ਼ ਵਾਸਤੇ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰਦੀ ਹੈ। ਇਸੇ ਤਹਿਤ ਹੀ ਅੱਜ ਫੁਹਾਰਾ ਚੌਂਕ ਨਜ਼ਦੀਕ ਕੇਸਰੀ ਬਾਗ ਵਿਖੇ ਭਗਤ ਨਾਮਦੇਵ ਜੀ ਦੇ ਨਾਂ ’ਤੇ ਨਿਵਾਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਿਵਾਸ ਬੇਸਮੈਂਟ ਸਮੇਤ 8 ਮੰਜ਼ਲਾ ਹੋਵੇਗਾ, ਜਿਸ ਵਿਚ 91 ਕਮਰੇ ਅਤੇ 7 ਹਾਲ ਹੋਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਹੋਰ ਸਰਾਵਾਂ ਦੀ ਉਸਾਰੀ ਚੱਲ ਰਹੀ ਹੈ, ਜੋ ਜਲਦ ਹੀ ਸੰਗਤ ਦੀ ਸੇਵਾ ਵਿਚ ਕਾਰਜਸ਼ੀਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਰਿਹਾਇਸ਼ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਲਈ ਇਕ ਸਬ-ਕਮੇਟੀ ਵੀ ਬਣਾਈ ਗਈ ਹੈ, ਜੋ ਵੱਖ-ਵੱਖ ਥਾਵਾਂ ’ਤੇ ਜ਼ਮੀਨ ਦੀ ਚੋਣ ਕਰਕੇ ਰਿਪੋਰਟ ਦੇਵੇਗੀ। ਸਬ-ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਅਨੁਸਾਰ ਹੋਰ ਸਰਾਵਾਂ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਗੁਰਿੰਦਰ ਸਿੰਘ ਪਟਨਾ ਸਾਹਿਬ, ਬਾਬਾ ਸੋਹਣ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਐਕਸੀਅਨ ਸ. ਪਰਮਜੀਤ ਸਿੰਘ, ਐਸਡੀਓ ਸ. ਸੁਖਜਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।