ਅੰਮ੍ਰਿਤਸਰ, ੧੭ ਮਈ- ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਨਾਲ ਗੱਲਬਾਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਧਰਮੀ ਫ਼ੌਜੀਆਂ ਨੂੰ ਬਣਦਾ ਮਾਣ ਦਿੰਦੀ ਰਹੀ ਹੈ ਅਤੇ ਅੱਗੋਂ ਵੀ ਵਚਨਬਧ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਕ ਸਾਂਝੇ ਬਿਆਨ ਰਾਹੀਂ ਆਖਿਆ ਕਿ ਬੀਤੇ ਸਮੇਂ ਦੌਰਾਨ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੮ ਕਰੋੜ ੫੦ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਧਰਮੀ ਫ਼ੋਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਵੀ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਨੁਸਾਰ ਧਰਮੀ ਫ਼ੌਜੀਆਂ ਦੇ ਜਿਹੜੇ ਕੁਝ ਕੁ ਮਾਮਲੇ ਲੰਬਿਤ ਚੱਲ ਰਹੇ ਹਨ, ਉਨ੍ਹਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਚਾਰ-ਵਟਾਂਦਰੇ ਮਗਰੋਂ ਸਹਿਮਤੀ ਬਣਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮੀ ਫ਼ੌਜੀਆਂ ਦੀ ਸਹਾਇਤਾ ਲਈ ਹਮੇਸ਼ਾ ਵਚਨਬਧ ਰਹੀ ਹੈ।