ਸ਼੍ਰੋਮਣੀ ਕਮੇਟੀ ਵੱਲੋਂ ਇਨਾਮੀ ਕਵੀ ਦਰਬਾਰਾਂ ਦਾ ਸਿਲਸਿਲਾ ਸ਼ਲਾਘਾਯੋਗ ਉਪਰਾਲਾ- ਗਿਆਨੀ ਰਘਬੀਰ ਸਿੰਘ

ਸ੍ਰੀ ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਰਬਸਾਂਝੇ ਰਹਿਬਰ ਅਤੇ ਮਹਾਨ ਸਮਾਜ ਸੁਧਾਰਕ ਸਨ। ਉਨ੍ਹਾਂ ਨੇ ਲੋਕਾਈ ਦੇ ਦੁੱਖਾਂ-ਦਰਦਾਂ ਨੂੰ ਸਮਝ ਕੇ ਆਪਣੀ ਬਾਣੀ ਅੰਦਰ ਮਨੁੱਖੀ ਜੀਵਨ ਨੂੰ ਸਾਵਾਂ ਪੱਧਰਾ ਤੇ ਸੁਖਦਾਈ ਬਣਾਉਣ ਲਈ ਮਾਰਗ ਦਰਸਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਥੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪਹਿਲੇ ਇਨਾਮੀ ਕਵੀ ਦਰਬਾਰ ਮੌਕੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਦਿਆਂ ਕਵੀ ਦਰਬਾਰਾਂ ਦੀ ਲੜੀ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ ਹੈ, ਜੋ ਸਮਾਜਿਕ ਸਰੋਕਾਰਾਂ ਅਤੇ ਮਨੁੱਖੀ ਹੱਕਾਂ ਨੂੰ ਸਮਰਪਿਤ ਮਿਆਰੀ ਕਵੀਆਂ ਨੂੰ ਉਤਸ਼ਾਹਿਤ ਕਰੇਗਾ। ਇਸ ਉਪਰਾਲੇ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸ਼ਲਾਘਾ ਕੀਤੀ।
ਇਸ ਪਹਿਲੇ ਇਨਾਮੀ ਕਵੀ ਦਰਬਾਰ ਵਿਚ ਵੱਖ-ਵੱਖ ਥਾਵਾਂ ਤੋਂ ਆਏ ੩੧ ਪ੍ਰਮੁੱਖ ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਗੁਰੂ ਸਾਹਿਬ ਵਲੋਂ ਕੀਤੇ ਸਮਾਜ ਦੇ ਬਹੁਪੱਖੀ ਸੁਧਾਰਾਂ ਅਤੇ ਅਜੋਕੇ ਸਮੇਂ ਦੀਆਂ ਸਮਾਜਿਕ ਕੁਰੀਤੀਆਂ ਨੂੰ ਆਪਣੇ ਕਾਵਿ ਅੰਦਾਜ਼ ਵਿਚ ਬਿਆਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਡਾ. ਦਿਲਜੀਤ ਸਿੰਘ ਭਿੰਡਰ, ਅਜਮੇਰ ਸਿੰਘ ਖੇੜਾ, ਮਨਜੀਤ ਸਿੰਘ ਬੱਧੀਆਣਾ ਤੇ ਕਵੀ ਦਰਬਾਰ ਦੇ ਕੋਆਰਡੀਨੇਟਰ ਪ੍ਰੋ. ਸੁਖਦੇਵ ਸਿੰਘ ਨੇ ਕਵੀਆਂ ਨੂੰ ੩੧੦੦-੩੧੦੦ ਰੁਪਏ ਉਤਸ਼ਾਹੀ ਇਨਾਮ ਵਜੋਂ ਦੇ ਕੇ ਨਿਵਾਜਿਆ।
ਕਵੀ ਦਰਬਾਰ ਦੌਰਾਨ ਸਕਰੀਨਿੰਗ ਕਮੇਟੀ ਵਿਚ ਸ. ਕਰਨੈਲ ਸਿੰਘ ਪੰਛੀ, ਨਰਿੰਦਰ ਕੌਰ ਸਾਬਕਾ ਪ੍ਰਿੰਸੀਪਲ, ਡਾ. ਚਰਨਕਮਲ ਸਿੰਘ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮੁਖਤਾਰ ਸਿੰਘ ਜਫ਼ਰ ਨੇ ਭੂਮਿਕਾ ਨਿਭਾਈ, ਜਦਕਿ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰਾਂ ਦੀ ਸਬ-ਕਮੇਟੀ ਦੇ ਮੈਂਬਰ ਪ੍ਰੋ. ਗੁਰਭਜਨ ਸਿੰਘ ਗਿੱਲ, ਸੁਰਜੀਤ ਸਿੰਘ ਪਾਤਰ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਮਨਜੀਤ ਸਿੰਘ ਬੱਧੀਆਣਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਜਸਬੀਰ ਸਿੰਘ ਅਤੇ ਕੋਆਰਡੀਨੇਟਰ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਪਹਿਲੇ ਇਨਾਮੀ ਕਵੀ ਦਰਬਾਰ ਵਿਚ ਵੱਖ-ਵੱਖ ਕਵੀਆਂ ਵਲੋਂ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਕਾਵਿ-ਸ਼ੈਲੀ ਅਤੇ ਵਿਸ਼ਾ ਪੱਖ ਤੋਂ ਗੁਣਵੱਤਾ ਦੇ ਆਧਾਰ ‘ਤੇ ਗਰੇਡਿੰਗ ਕੀਤੀ।
ਇਸ ਦੌਰਾਨ ਕੋਆਰਡੀਨੇਟਰ ਸ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਦੋਆਬਾ ਜੋਨ ਕਵੀ ਦਰਬਾਰ ਮਗਰੋਂ ਮਾਝਾ ਜੋਨ ਦਾ ‘ਦੂਜਾ ਇਨਾਮੀ ਕਵੀ ਦਰਬਾਰ’ ੨੫ ਅਗਸਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਅਤੇ ਮਾਲਵਾ ਜੋਨ ਦਾ ‘ਤੀਜਾ ਇਨਾਮੀ ਕਵੀ ਦਰਬਾਰ’ ੨੯ ਸਤੰਬਰ ਨੂੰ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ (ਸੰਗਰੂਰ) ਵਿਖੇ ਹੋਵੇਗਾ। ਇਨ੍ਹਾਂ ਤਿੰਨਾਂ ਕਵੀ ਦਰਬਾਰਾਂ ਵਿਚੋਂ ਚੁਣੇ ਗਏ ਕਵੀਆਂ ਦੀ ਪੇਸ਼ਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਵਿਖੇ ੯ ਨਵੰਬਰ ਨੂੰ ‘ਧੰਨ ਨਾਨਕ ਤੇਰੀ ਵਡੀ ਕਮਾਈ’ ਸਿਰਲੇਖ ਹੇਠ ਹੋਣ ਵਾਲੇ ਇਨਾਮੀ ਕਵੀ ਦਰਬਾਰ ਦੇ ਫ਼ਾਈਨਲ ਮੁਕਾਬਲਿਆਂ ਵਿਚ ਕਰਵਾਈ ਜਾਵੇਗੀ, ਜਿਸ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਕਵੀ ਦਰਬਾਰਾਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਮੁਖ਼ਤਿਆਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਣਾ ਕੀਤੀ।
ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਜਸਵੀਰ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਲਾਭ ਸਿੰਘ, ਐਡਵੋਕੇਟ ਹਰਦੇਵ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਅਤੇ ਬਾਬਾ ਚਰਨਜੀਤ ਸਿੰਘ ਊਨਾ ਵਾਲੇ ਵੀ ਹਾਜ਼ਰ ਸਨ।