ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸਖ਼ਤ ਕਾਨੂੰਨ ਬਣੇ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 6 ਦਸੰਬਰ-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਵਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਰਾਜਸਥਾਨ ਦੇ ਜਿਲ੍ਹਾ ਅਲਵਰ ’ਚ ਕਿਸ਼ਨਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੀ ਸਾਹਮਣੇ ਆਈ ਹਿਰਦੇਵੇਧਕ ਘਟਨਾ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ ਅਤੇ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ। ਇਸੇ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ ਜਿਸ ਲਈ ਸਰਕਾਰਾਂ ਸੰਜੀਦਾ ਹੋਣ। ਜੇਕਰ ਪੁਲਿਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਵਾਪਰੀ ਘਟਨਾ ਨਾਲ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਗਹਿਰਾ ਦੁੱਖ ਪੁੱਜਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿਚ ਆਉਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਰਾਜਸਥਾਨ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੈ ਬੇਅਦਬੀ ਦੀ ਘਟਨਾ ਦੀ ਘੋਰ ਨਿੰਦਾ ਨਿੰਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਤੋਂ ਭਾਈ ਜਸਬੀਰ ਸਿੰਘ ਨੂੰ ਰਾਜਸਥਾਨ ਭੇਜਿਆ ਗਿਆ ਹੈ। ਮੁੱਖ ਸਕੱਤਰ ਨੇ ਕਿਹਾ ਕਿ ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਫਾਂਬੜਾ ਭੂੰਗੇ ਵਿਖੇ ਵੀ ਇੱਕ ਬੱਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ, ਪਰੰਤੂ ਉਸ ਨੂੰ ਫੜੇ ਜਾਣ ਬਾਅਦ ਅਜੇ ਤੱਕ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਬੇਅਦਬੀ ਦੀ ਘਟਨਾ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਦੀ ਸਚਾਈ ਜਨਤਕ ਨਹੀਂ ਕੀਤੀ ਗਈ।