ਅੰਮ੍ਰਿਤਸਰ, ੬ ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਏ ਗਏ ਕੌਮੀ ਸ਼ਹੀਦੀ ਸਮਾਗਮ ਵਿਚ ਇੱਕਜੁਟ ਹੋ ਕੇ ਸਹਿਯੋਗ ਕਰਨ ਲਈ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ੬ ਜੂਨ ੧੯੮੪ ਦਾ ਦਿਹਾੜਾ ਅਤਿ ਭਾਵੁਕ ਤੇ ਕੌਮੀ ਪੀੜਾ ਨਾਲ ਜੁੜਿਆ ਹੋਣ ਕਰਕੇ ਸਮੁੱਚੀ ਕੌਮ ਲਈ ਕਦੇ ਨਾ-ਭੁੱਲਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਹਿਯੋਗ ਕਰਨ ਤੇ ਇੱਕਜੁਟ ਹੋ ਕੇ ਇਹ ਦਿਹਾੜਾ ਮਨਾਉਣ ਦੀ ਅਪੀਲ ਕੀਤੀ ਗਈ ਸੀ ਜਿਸ ਅਨੁਸਾਰ ਸਭ ਨੇ ਪੂਰਨ ਸਹਿਯੋਗ ਦਿੱਤਾ ਹੈ। ਇਹ ਕੌਮ ਲਈ ਚੰਗਾ ਸੁਨੇਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਕੌਮੀ ਇੱਕਜੁਟਤਾ ਲਈ ਹਮੇਸ਼ਾ ਯਤਨਸ਼ੀਲ ਰਹੇਗੀ।

ਦੂਸਰੇ ਪਾਸੇ ਇਸ ਭਾਵਨਾਤਮਕ ਸਮੇਂ ‘ਤੇ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਨੂੰ ਆੜੇ ਹੱਥੀਂ ਲੈਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹਾ ਕਰਕੇ ਇਹ ਲੋਕ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ ਮਰਯਾਦਾ ਨੂੰ ਢਾਅ ਲਗਾਉਂਦੇ ਹਨ, ਉਥੇ ਹੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਵਿਚ ਵੀ ਖਲਲ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕੁਝ ਲੋਕਾਂ ਨੇ ਜਾਣ-ਬੁਝ ਕੇ ਮਾਹੌਲ ਖ਼ਰਾਬ ਕਰਨ ਦਾ ਯਤਨ ਕੀਤਾ ਹੈ, ਜਿਨ੍ਹਾਂ ਵਿਚ ਕੁਝ ਲੋਕ ਫੜ੍ਹੇ ਵੀ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸਾਲ ਅਜਿਹੇ ਲੋਕਾਂ ਨੂੰ ਫੜ੍ਹ ਕੇ ਪੁਲਿਸ ਹਵਾਲੇ ਕੀਤਾ ਜਾਂਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਅਜਿਹੇ ਲੋਕਾਂ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਾਹਮਣੇ ਲਿਆਉਣ ਤੋਂ ਗੁਰੇਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੀ ਕਾਰਵਾਈ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਈਆਂ ਸੰਗਤਾਂ ਅਤੇ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਦੌਰਾਨ ਮਾਹੌਲ ਕਰਨ ਵਾਲੇ ਦੋ ਵਿਅਕਤੀ ਫੜ੍ਹ ਕੇ ਪੁਲਿਸ ਹਵਾਲੇ ਕੀਤੇ ਗਏ ਹਨ। ਇਹ ਦੋਵੇਂ ਵਿਅਕਤੀ ਸਿਰੋਂ ਮੋਨੇ ਸਨ ਅਤੇ ਇਨ੍ਹਾਂ ਨੇ ਪੀਲੇ ਰੰਗ ਦੇ ਪਟਕੇ ਬੰਨ੍ਹੇ ਹੋਏ ਸਨ।