ਪਟਨਾ ਸਾਹਿਬ, ੨੪ ਦਸੰਬਰ-  ਦਸਮੇਸ਼ ਪਿਤਾ ਜੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ੩੫੧ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ‘ਚ ਸ਼ਾਮਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਉਨ੍ਹਾਂ ਨੂੰ ਸਨਮਾਨ ਵਿਚ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ, ਲੋਈ ਅਤੇ ਸ੍ਰੀ ਸਾਹਿਬ ਤਖ਼ਤ ਸਾਹਿਬ ਵੱਲੋਂ ਭੇਟ ਕੀਤੀ ਗਈ।
ਇਸ ਮੌਕੇ ਭਾਈ ਲੌਂਗੋਵਾਲ ਨੇ ਕਾਫੀ ਸਮਾਂ ਸੰਗਤ ਵਿਚ ਬੈਠ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾਂ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੇ ਤਖ਼ਤ ਸਾਹਿਬ ‘ਤੇ ਸੁਸ਼ੋਭਿਤ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਸੰਗਤ ਵਿਚ ਬੈਠ ਕੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਵੱਲੋਂ ਇਤਿਹਾਸਕ ਵਸਤੂਆਂ ਦਾ ਇਤਿਹਾਸ ਸਰਵਣ ਕੀਤਾ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਤਖਤ ਸਾਹਿਬ ‘ਤੇ ਆਉਣ ਉਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜੀ ਆਇਆਂ ਕਿਹਾ ਅਤੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਲਈ ਪ੍ਰਚਾਰਕ, ਰਾਗੀ, ਢਾਡੀ, ਕਵੀਸਰ ਜਥਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਦਾਰ, ਲਾਂਗਰੀ ਆਦਿ ਭੇਜ ਕੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਇਤਿਹਾਸਕ ਬਣਾਉਣ ਵਿਚ ਸਹਿਯੋਗ ਕੀਤਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਬੀਬੀ ਜੋਗਿੰਦਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਚਾਨਣ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਨਵਇੰਦਰ ਸਿੰਘ ਲੌਂਗੋਵਾਲ, ਸ. ਬਲਵਿੰਦਰ ਸਿੰਘ ਲੌਂਗੋਵਾਲ, ਹਰਭਜਨ ਸਿੰਘ ਵਕਤਾ ਮੀਡੀਆ ਇੰਚਾਰਜ, ਸ. ਕਰਮਬੀਰ ਸਿੰਘ, ਸ. ਮੇਜਰ ਸਿੰਘ, ਸ. ਰਜਵੰਤ ਸਿੰਘ ਆਦਿ ਹਾਜਰ ਸਨ।