ਅੰਮ੍ਰਿਤਸਰ, 12 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ ਅਤੇ ਆਪਣੇ ਉੱਚ ਅਧਿਕਾਰੀਆਂ ਨਾਲ ਇਕ ਇਕੱਤਰਤਾ ਕੀਤੀ। ਇਕੱਤਰਤਾ ਵਿਚ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸਤ 1 ਮਾਰਚ 2019 ਤੋਂ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ ਛੋਹਾਂ ਤੀਕ ਪੂਰਾ ਕਰ ਲਿਆ ਹੈ ਅਤੇ ਗ੍ਰੇਡ ਕਮੇਟੀ ਦੀ ਰਾਏ ਅਨੁਸਾਰ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਨਾਉਣ ਤੇ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸ. ਕੇਵਲ ਸਿੰਘ ਗਿੱਲ, ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਮੌਜੂਦ ਸਨ।