ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ ੧ ਲੱਖ ਰੁਪਏ ਦੀ ਸਹਾਇਤਾ

ਅੰਮ੍ਰਿਤਸਰ, ੨੬ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਸ. ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁਖਮਈ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਜਿਸ ਵੱਲ ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਸ. ਗੁਰਮੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਖਿਆ ਕਿ ਮ੍ਰਿਤਕ ਸ. ਗੁਰਮੇਜ ਸਿੰਘ ਦੇ ਪਰਿਵਾਰ ਨੂੰ ੧ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਲੋੜੀਂਦੀ ਮੱਦਦ ਦੀ ਵਚਨਬਧਤਾ ਵੀ ਪ੍ਰਗਟਾਈ। ਉਨ੍ਹਾਂ ਆਖਿਆ ਕਿ ਹਰ ਮੁਲਾਜ਼ਮ ਸ਼੍ਰੋਮਣੀ ਕਮੇਟੀ ਦਾ ਪਰਿਵਾਰਕ ਮੈਂਬਰ ਹੈ ਅਤੇ ਸ. ਗੁਰਮੇਜ ਸਿੰਘ ਦੀ ਹੱਤਿਆ ਨਾਲ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸ. ਗੁਰਮੇਜ ਸਿੰਘ ਦੇ ਪਰਿਵਾਰ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਟੀਮ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੀੜਤ ਪਰਿਵਾਰ ਦੀ ਹਰ ਲੋੜੀਂਦੀ ਮੱਦਦ ਕੀਤੀ ਜਾਵੇਗੀ।

੨੭ ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ੨੭ ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ੨੭ ਜੂਨ ੨੦੧੯ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ, ਜੋ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।