ਅੰਮ੍ਰਿਤਸਰ, ੨੫ ਦਸੰਬਰ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਸਹਾਇਕ ਡਾਇਰੈਕਟਰ (ਸਕੂਲ) ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬਧ ਹੈ ਅਤੇ ਇਸੇ ਤਹਿਤ ਹੀ ਸ਼੍ਰੋਮਣੀ ਕਮੇਠੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਬੀਬੀ ਸਤਵੰਤ ਕੌਰ ਦੀ ਨਿਯੁਕਤੀ ਦੂਰਅੰਦੇਸ਼ੀ ਸੋਚ ਦਾ ਪ੍ਰਗਟਾਵਾ ਹੈ।
ਉਨ੍ਹਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਸ ਦਿਨ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਜੋਂ ਸੇਵਾ ਸੰਭਾਲੀ ਹੈ, ਉਹ ਸਿੱਖ ਸੰਸਥਾ ਦੀ ਬਿਹਤਰੀ ਲਈ ਕਾਰਜਸ਼ੀਲ ਹਨ। ਉਕਤ ਸ਼ਖਸੀਅਤਾਂ ਨੇ ਆਸ ਪ੍ਰਗਟ ਕੀਤੀ ਹੈ ਕਿ ਬੀਬੀ ਸਤਵੰਤ ਕੌਰ ਆਪਣੇ ਜਿੰਮੇ ਲੱਗੀ ਇਸ ਅਹਿਮ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।