ਅੰਮ੍ਰਿਤਸਰ 15 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਲਾਭ ਸਿੰਘ ਦੇਵੀਨਗਰ (ਪਟਿਆਲਾ) ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਲਾਭ ਸਿੰਘ ਦਾ ਅਕਾਲ ਚਲਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਲਾਭ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਨੁਮਇੰਦਗੀ ਕਰਦਿਆਂ ਜਿਥੇ ਧਰਮ ਪ੍ਰਚਾਰ ਲਹਿਰ ਵਿਚ ਅਹਿਮ ਹਿੱਸਾ ਪਾਇਆ ਉਥੇ ਹੀ ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹੇ। ਉਨ੍ਹਾਂ ਜਥੇਦਾਰ ਲਾਭ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ। ਜਥੇਦਾਰ ਲਾਭ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਜਥੇਦਾਰ ਲਾਭ ਸਿੰਘ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਜ ਬਾਅਦ ਦੁਪਹਿਰ ਅੱਧੇ ਦਿਨ ਲਈ ਬੰਦ ਕਰ ਦਿੱਤੇ ਗਏ।