ਅੰਮ੍ਰਿਤਸਰ, 1 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਭਾਈ ਲੌਂਗੋਵਾਲ ਕਿਹਾ ਕਿ ਸ. ਸੱਜਣ ਸਿੰਘ ਬੱਜੂਮਾਨ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਵੱਡੀ ਸਹਿਯੋਗੀ ਭੂਮਿਕਾ ਨਿਭਾਈ। ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵੀ ਰਹੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਬੱਜੂਮਾਨ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬੱਜੂਮਾਨ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। 
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸੱਕਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਸ. ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ ਕੀਤਾ ਹੈ।