ਬਹੁਤੇ ਗੁਰਦੁਆਰਿਆਂ ਦੀ ਥਾਂ ਇਕ ਗੁਰਦੁਆਰਾ ਕਰਕੇ ਪੰਥਕ ਤੇ ਸਮਾਜਿਕ ਏਕਤਾ ਦਾ ਰਾਹ ਅਪਨਾਉਣ ਸੰਗਤਾਂ-ਭਾਈ ਲੌਂਗੋਵਾਲ

ਗੁਰਦੁਆਰਾ ਸਾਹਿਬ ਲਈ ਇਕ ਲੱਖ ਰੁਪਿਆ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਕੀਤਾ ਐਲਾਨ

ਫਰੀਦਕੋਟ, 27 ਮਾਰਚ-
ਇਥੋਂ ਨੇੜਲੇ ਪਿੰਡ ਧੂੜਕੋਟ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਪੰਚਾਇਤ ਵੱਲੋਂ ਪਿੰਡ ਅੰਦਰ ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ ਦੇ ਫੈਸਲੇ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਪਿੰਡ ਵਿਚ ਪਹੁੰਚ ਕੇ ਜਿਥੇ ਇਸ ਕਾਰਜ ਲਈ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ‘ਇਕ ਪਿੰਡ ਇਕ ਗੁਰਦੁਆਰਾ ਮੁਹਿੰਮ’ ਤਹਿਤ ਇੱਕ ਲੱਖ ਰੁਪਏ ਸਨਮਾਨ ਵਜੋਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਖ਼ਾਲੀ ਹੋਏ ਦੂਸਰੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਲਾਇਬ੍ਰੇਰੀ ਦੇ ਤੌਰ ‘ਤੇ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਲਈ ਸ਼੍ਰੋਮਣੀ ਕਮੇਟੀ ਧਾਰਮਿਕ ਪੁਸਤਕਾਂ ਦੇਵੇਗੀ। ਇਸ ਮੌਕੇ ਕਰਵਾਏ ਗਏ ਸਮਾਗਮ ਸਮੇਂ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਾਤ ਬਰਾਦਰੀਆਂ ਅਤੇ ਧੜ੍ਹੇਬੰਦੀਆਂ ਦੇ ਨਾਂ ‘ਤੇ ਸਥਾਪਿਤ ਕੀਤੇ ਗਏ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਗੁਰਮਤਿ ਜੁਗਤ ਅਪਣਾ ਕੇ ਸਾਂਝੇ ਰੂਪ ਵਿਚ ਇਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਹੋਰ ਨਗਰ ਵੀ ਪੰਥਕ ਏਕਤਾ ਦਾ ਰਾਹ ਅਪਨਾਉਣਗੇ। ਭਾਈ ਲੌਂਗੋਵਾਲ ਨੇ ਕੌਮ ਅੰਦਰ ਫੁਟ ਪਾ ਕੇ ਨਿੱਜੀ ਫਾਇਦਾ ਲੈਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਵੀ ਸੰਗਤ ਨੂੰ ਅਪੀਲ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤਿੰ੍ਰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ. ਸ਼ੇਰ ਸਿੰਘ ਮੰਡਵਾਲਾ ਨੇ ਆਪਣੇ ਸੰਬੋਧਨ ਵਿਚ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੌਮੀ ਏਕਤਾ ਲਈ ਵਿੱਢੀ ਗਈ ‘ਇਕ ਪਿੰਡ ਇਕ ਗੁਰਦੁਆਰਾ ਮੁਹਿੰਮ’ ਦੀ ਸ਼ਲਾਘਾ ਕੀਤੀ, ਉਥੇ ਹੀ ਪਿੰਡ ਧੂੜਕੋਟ ਦੀ ਸੰਗਤ ਨੂੰ ਇਸ ਲਹਿਰ ਵਿਚ ਮੋਹਰੀ ਬਣਨ ਲਈ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਦੋਹਾਂ ਗੁਰਦੁਆਰਾ ਕਮੇਟੀਆਂ ਨੇ ਇਕ ਗੁਰਦੁਆਰਾ ਕਰਨ ਦਾ ਫੈਸਲਾ ਕਰਕੇ ਸਮਾਜਿਕ ਅਤੇ ਪੰਥਕ ਏਕਤਾ ਲਈ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਇਸ ਪਿੰਡ ਤੋਂ ਸਮੁੱਚੇ ਪੰਜਾਬ ਦੀਆਂ ਸੰਗਤਾਂ ਨੂੰ ਸੇਧ ਲੈਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸ਼ੇਰ ਸਿੰਘ ਮੰਡਵਾਲਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੇਲ ਸਿੰਘ ਸੰਗਤਪੁਰਾ ਅਤੇ ਸ. ਮੱਖਣ ਸਿੰਘ ਨੇ ਸਾਂਝੇ ਰੂਪ ਵਿਚ ਪਿੰਡ ਦੀ ਗੁਰਦੁਆਰਾ ਕਮੇਟੀ ਅਤੇ ਪੰਚਾਇਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਗੁਰਦੁਆਰਾ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਰਾਗੀ ਭਾਈ ਜਸਵਿੰਦਰ ਸਿੰਘ ਗੋਬਿੰਦਪੁਰੀ ਅਤੇ ਗਿਆਨੀ ਦਿਲਬਾਗ ਸਿੰਘ ਕਾਲੇਕੇ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸ਼ੇਰ ਸਿੰਘ ਮੰਡਵਾਲਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੇਲ ਸਿੰਘ ਸੰਗਤਪੁਰਾ ਅਤੇ ਸ. ਮੱਖਣ ਸਿੰਘ ਤੋਂ ਇਲਾਵਾ ਸ. ਅਰਸ਼ਦੀਪ ਸਿੰਘ ਗਿੱਲ ਐਸ.ਪੀ., ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ, ਸ. ਪ੍ਰੀਤਪਾਲ ਸਿੰਘ ਲੀਗਲ ਐਡਵਾਈਜ਼ਰ, ਸ. ਦਰਸ਼ਨ ਸਿੰਘ ਪੀ.ਏ., ਸ. ਗੁਰਜੀਤ ਸਿੰਘ ਖ਼ਾਲਸਾ, ਸ. ਸੁਖਦੇਵ ਸਿੰਘ ਸਾਬਕਾ ਪ੍ਰਧਾਨ, ਸ. ਸੁਖਮੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸ. ਗੁਰਚਰਨ ਸਿੰਘ ਸਰਪੰਚ ਧੂੜਕੋਟ, ਸ. ਦਿਲਬਾਗ ਸਿੰਘ ਵਿਰਕ ਜਨਰਲ ਸਕੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ, ਸ. ਮਨਪ੍ਰੀਤ ਸਿੰਘ, ਸ. ਗੁਰਫਤਹਿ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਗੁਰਪ੍ਰੀਤ ਸਿੰਘ ਮਨੀਲਾਵਾਲੇ, ਸ. ਮੰਗਲ ਸਿੰਘ ਨੰਗਲ, ਡਾ. ਹਰਭਜਨ ਸਿੰਘ, ਸ. ਹਰਫੂਲ ਸਿੰਘ, ਸ. ਅਜਮੇਰ ਸਿੰਘ, ਸ. ਹਰਜਿੰਦਰ ਸਿੰਘ, ਸ. ਨਾਇਬ ਸਿੰਘ, ਸ. ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।