550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸੰਗਤਾਂ ਗੁਰਸਿੱਖੀ ਜੀਵਨ ਜਾਚ ਅਪਨਾਉਣ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 16 ਮਾਰਚ-
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਵਿਖੇ ਗੁਰਦੁਆਰਾ ਦਲ ਪੰਥ ਬਾਬਾ ਬਿਧੀ ਚੰਦ ਵਿਚ ਹੋਏ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਤਰ ਪ੍ਰਦੇਸ਼ ਅਤੇ ਉਤਰਾਖੰਡ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਦੋਹਾਂ ਸੂਬਿਆਂ ਅੰਦਰ ਮਾਰਚ ਮਹੀਨੇ ਵਿਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੀਹ ਦੇ ਕਰੀਬ ਸਮਾਗਮ ਉਲੀਕੇ ਗਏ ਸਨ। ਇਸੇ ਤਹਿਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੇ ਸਹਿਯੋਗ ਨਾਲ ਸਿਤਾਰਗੰਜ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬਕਾਲੀ ਤੇ ਸਰਬਹਿਤਕਾਰੀ ਉਪਦੇਸ਼ਾਂ ਅਨੁਸਾਰ ਚੱਲਣ ਦੀ ਅਪੀਲ ਕੀਤੀ ਅਤੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰਸਿੱਖੀ ਜੀਵਨ ਜਾਚ ਅਪਨਾਉਣ ਲਈ ਕਿਹਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਭਾਈ ਹਰਜਿੰਦਰ ਸਿੰਘ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ ਅਤੇ ਢਾਡੀ ਕਵੀਸ਼ਰ ਜਥਿਆਂ ਨੇ ਗੁਰ-ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ।
ਇਸ ਸਮੇਂ ਹੋਏ ਅੰਮ੍ਰਿਤ ਸੰਚਾਰ ਵਿਚ 38 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਇਸ ਮੌਕੇ ਭਾਈ ਸੁਖਦੇਵ ਸਿੰਘ ਕਥਾਵਾਚਕ ਦਲ ਬਾਬਾ ਬਿਧੀ ਚੰਦ, ਬਾਬਾ ਤਰਸੇਮ ਸਿੰਘ ਨਾਨਕ ਮਤਾ ਸਾਹਿਬ, ਬਾਬਾ ਪਾਲ ਸਿੰਘ ਸਿਤਾਰਗੰਜ, ਸ. ਤਰਲੋਕ ਸਿੰਘ, ਸ. ਜਰਨੈਲ ਸਿੰਘ ਲਹਿਰੀ, ਸ. ਸੇਵਾ ਸਿੰਘ ਪ੍ਰਧਾਨ ਨਾਨਕ ਮਤਾ ਸਾਹਿਬ, ਕਵੀਸ਼ਰ ਭਾਈ ਬਲਦੇਵ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਆਦਿ ਮੌਜੂਦ ਸਨ।