ਅੰਮ੍ਰਿਤਸਰ, 16 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਵੱਲੋਂ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਉਧਮਪੁਰ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਉਧਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਅਤੇ ਗੁਰੂ ਸਾਹਿਬ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ੨੩ ਫਰਵਰੀ ਵਿਚ ਜੰਮੂ ਕਸ਼ਮੀਰ ਤੋਂ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਆ। ਇਸ ਮੌਕੇ ਜਥੇਦਾਰ ਜੱਲ੍ਹਾ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਢਾਈ ਲੱਖ ਰੁਪਏ ਦੀ ਸਹਾਇਤਾ, ਲਾਇਬ੍ਰੇਰੀ, ਤਬਲਾ ਤੇ ਹਰਮੋਨੀਅਮ ਸੈੱਟ ਅਤੇ ਚੰਦੋਆ ਸਾਹਿਬ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਾਣ ਕਰਵਾਇਆ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਮੀਤ ਸਕੱਤਰ ਸ. ਤਜਿੰਦਰ ਸਿੰਘ ਪੱਡਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਉਧਮਪੁਰ ਦੇ ਪ੍ਰਧਾਨ ਸ. ਸਤਵਿੰਦਰ ਸਿੰਘ, ਸੱਕਤਰ ਸ. ਨਰਦੀਪ ਸਿੰਘ, ਸ. ਰਨਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਹਰਪ੍ਰੀਤ ਸਿੰਘ, ਸ. ਭੁਪਿੰਦਰ ਸਿੰਘ, ਸ. ਸੁਰਜੀਤ ਸਿੰਘ, ਸ. ਤਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।