ਕੋਚੀਨ ਵਿਖੇ ਸਥਾਪਿਤ ਕੀਤਾ ਮੁੱਖ ਰਾਹਤ ਕੇਂਦਰ

ਅੰਮ੍ਰਿਤਸਰ, 22 ਅਗਸਤ- ਹੜ੍ਹ ਪੀੜਤਾਂ ਦੀ ਮੱਦਦ ਲਈ ਕੇਰਲਾ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਹਤ ਟੀਮ ਨੇ ਰਾਹਤ ਕਾਰਜ ਆਰੰਭ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਰਲਾ ਭੇਜੀ ਗਈ ਰਾਹਤ ਟੀਮ ਨੇ ਕੋਚੀਨ ਵਿਖੇ ਰਾਹਤ ਕੈਂਪ ਸਥਾਪਿਤ ਕਰ ਲਿਆ ਹੈ ਅਤੇ ਰਾਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਵਿਚ ੧੫ ਮੈਂਬਰੀ ਮੈਡੀਕਲ ਟੀਮ ਵੀ ਕੇਰਲਾ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜਮ ਜਿਨ੍ਹਾਂ ਵਿਚ ਸੁਪਰਵਾਈਜਰ, ਲਾਂਗਰੀ ਤੇ ਸੇਵਾਦਾਰ ਮੌਜੂਦ ਹਨ ਨੇ ਕੋਚੀਨ ਪੁੱਜਣ ਸਾਰ ਹੀ ਉਥੇ ਸਥਿਤ ਰਾਹਤ ਕੈਂਪਾਂ ਵਿਚ ਜਾ ਕੇ ਲੋੜੀਂਦੀਆਂ ਵਸਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਰਾਹਤ ਕੈਂਪਾਂ ਵਿਚ ਮੌਜੂਦ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਡਾ. ਰੂਪ ਸਿੰਘ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਵੱਲੋਂ ਕੋਚੀਨ ਦੇ ਗੁਰਦੁਆਰਾ ਸਿੰਘ ਸਭਾ ਦੀ ਮੱਦਦ ਨਾਲ ਚੰਦੀਰੂਰ ਦੇ ਅਲ ਅਮੀਰ ਪਬਲਿਕ ਸਕੂਲ ਵਿਖੇ ਰਾਹਤ ਕੈਂਪ ਸਥਾਪਿਤ ਕਰ ਕੇ ਲੋੜਵੰਦਾਂ ਦੀ ਮੱਦਦ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ ੫੦੦ ਦੇ ਕਰੀਬ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਦਿੱਤੀਆਂ ਗਈਆਂ। ਮੁੱਖ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੈਂਗਲੌਰ ਵੱਲੋਂ ਸ. ਜਸਪਾਲ ਸਿੰਘ, ਸ. ਮਨਦੀਪ ਸਿੰਘ, ਸ. ਤੇਜਬੀਰ ਸਿੰਘ, ਸ. ਹਰਮੀਤ ਸਿੰਘ, ਸ. ਹਰਬੰਸ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਕੋਚੀ ਦੇ ਮੈਂਬਰ ਸ. ਕੁਲਬੀਰ ਸਿੰਘ, ਸ. ਜਸਬੀਰ ਸਿੰਘ, ਸ. ਅਵਤਾਰ ਸਿੰਘ ਤੇ ਸ. ਅਮਰਜੀਤ ਸਿੰਘ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੰਦੀਰੂਰ ਦੇ ਇਸ ਪਬਲਿਕ ਸਕੂਲ ਦੇ ਚੇਅਰਮੈਨ ਤਾਹਿਰ ਜੀ ਨੇ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਅੱਗੇ ਆਉਣ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਦੂਸਰਾ ਰਾਹਤ ਕੇਂਦਰ ਵੀ ਸਥਾਪਤ ਹੋ ਜਾਵੇਗਾ ਅਤੇ ਇਨ੍ਹਾਂ ਦੋਹਾਂ ਕੇਂਦਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਸਹਾਇਤਾ ਲਈ ਸੇਵਾਵਾਂ ਦਿੱਤੀਆਂ ਜਾਣਗੀਆਂ।