ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸਰਬੱਤ ਸੰਗਤਾਂ ਹੁੰਮ-ਹੁਮਾ ਕੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ- ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ : 30 ਮਈ (        ) ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ੮ ਜੂਨ, ੨੦੧੬ ਦਿਨ ਬੁੱਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜ਼ੁਲਮ ਤੇ ਅਨਿਆਂ ਵਿਰੁੱਧ ਅਸਹਿ ਤੇ ਅਕਹਿ ਕਸ਼ਟ ਸਹਾਰਦੇ ਹੋਏ ਸ਼ਾਂਤਮਈ ਰਹਿ ਕੇ ਆਪਣਾ ਬਲੀਦਾਨ ਦਿੱਤਾ। ਇਸੇ ਪ੍ਰੰਪਰਾ ‘ਤੇ ਚੱਲਦੇ ਹੋਏ ਗੁਰਸਿੱਖਾਂ ਨੇ ਸ਼ਾਂਤ-ਮਈ ਰਹਿ ਕੇ ਬੰਦ-ਬੰਦ ਕਟਵਾਏ, ਆਰਿਆਂ ਨਾਲ ਤਨ ਚਿਰਵਾਏ ਤੇ ਰੰਬਿਆਂ ਨਾਲ ਖੋਪਰ ਲੁਹਾਏ ਅਤੇ ਹੋਰ ਕਈ ਕਿਸਮ ਦੇ ਕਸ਼ਟ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਧਰਮ ਤੋਂ ਆਪਾ ਵਾਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਲਾ-ਮਿਸਾਲ ਕੁਰਬਾਨੀ ਨੇ ਧਰਮ ਤੋਂ  ਆਪਾ ਕੁਰਬਾਨ ਕਰਨ ਵਾਲੇ ਕੌਮੀ ਪ੍ਰਵਾਨਿਆਂ ਦਾ ਮਾਰਗ ਦਰਸ਼ਨ ਕੀਤਾ।
ਸ੍ਰ: ਬੇਦੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹੀਦੀ ਦੇ ਇਤਿਹਾਸ ਨੂੰ ਦੁਹਰਾਉਂਦੇ ਹੋਏ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਰੋਜ਼ਾਨਾ ਸ਼ਾਮ ੫.੦੦ ਤੋਂ ੬.੦੦ ਵਜੇ ੭ ਜੂਨ ਤੀਕ ਗੁਰ-ਇਤਿਹਾਸ ਦੀ ਕਥਾ ਦਾ ਪ੍ਰਵਾਹ ਚੱਲੇਗਾ। ਉਨ੍ਹਾਂ ਦੱਸਿਆ ਕਿ ੬ ਜੂਨ, ਸੋਮਵਾਰ ਨੂੰ ਸਵੇਰੇ ੮.੦੦ ਵਜੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ੮ ਜੂਨ ਬੁੱਧਵਾਰ ਨੂੰ ਸਵੇਰੇ ੮.੦੦ ਵਜੇ ਪੈਣਗੇ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਵੇਗੀ। ਇਸ ਉਪਰੰਤ ਵੱਖ-ਵੱਖ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ  ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਏ ਜਾਣਗੇ। ‘ਸ਼ਹੀਦੀ ਪ੍ਰਸੰਗ’ ਦੀ ਕਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੁਪਹਿਰ ੧੨.੦੦ ਤੋਂ ੧.੩੦ ਵਜੇ ਤੱਕ ਕਰਨਗੇ। ਕਵੀ ਸਮਾਗਮ ਦੁਪਹਿਰ ੨.੦੦ ਵਜੇ ਤੋਂ ੪.੦੦ ਵਜੇ ਤੱਕ ਹੋਵੇਗਾ, ਜਿਸ ਵਿੱਚ ਨਾਮਵਰ ਕਵੀਆਂ ਵੱਲੋਂ ਸ਼ਹੀਦੀ ਦਿਵਸ ਨਾਲ ਸਬੰਧਤ ‘ਕਵਿਤਾਵਾਂ’ ਸੰਗਤਾਂ ਦੇ ਰੂਬਰੂ ਪੇਸ਼ ਕੀਤੀਆਂ ਜਾਣਗੀਆਂ। ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲੱਗਣਗੀਆਂ ਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਸ੍ਰ: ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਬੱਤ ਸੰਗਤਾਂ ਆਪਣੇ ਪ੍ਰੀਵਾਰ ਸਮੇਤ ਹੁੰਮ-ਹੁਮਾ ਕੇ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫ਼ਲਾ ਕਰਨ।