ਅੰਮ੍ਰਿਤਸਰ, 27 ਦਸੰਬਰ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਅਰਦਾਸੀਏ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਕਥਾ ਵਿਚਾਰ ਸਿੰਘ ਸਾਹਿਬ ਭਾਈ ਰਾਜਦੀਪ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਸੰਸਾਰ ਦੀ ਮਹਾਨ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਇਨ੍ਹਾਂ ਸ਼ਹਾਦਤਾਂ ਤੋਂ ਸੰਗਤਾਂ ਨੂੰ ਪ੍ਰੇਰਣਾ ਲੈ ਕੇ ਗੁਰੂ ਸਿੱਖੀ ਜੀਵਨ ਵਿਚ ਪਰਪੱਕ ਰਹਿਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀਆਂ ਜਿੰਦਾਂ ਵੱਡਾ ਸਾਕਾ ਨੂੰ ਸਾਕਾਰ ਕਰਕੇ ਕੌਮ ਨੂੰ ਨਵੀਂ ਰੋਸ਼ਨੀ ਦਿਖਾਈ। ਸਿੱਖ ਕੌਮ ਆਪਣੇ ਇਨ੍ਹਾਂ ਸ਼ਹੀਦਾਂ ਨੂੰ ਹਰ ਸਾਲ ਯਾਦ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ। ਭਾਈ ਮਨਜੀਤ ਸਿੰਘ ਨੇ ਸਿੱਖ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਾਹਦਤਾਂ ਤੋਂ ਪ੍ਰੇਰਨਾ ਪ੍ਰਾਪਤ ਕਰਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ।
ਇਸ ਮੋਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਸੰਗਤਾਂ ਹਾਜ਼ਰ ਸਨ।