ਅੰਮ੍ਰਿਤਸਰ 12 ਅਪ੍ਰੈਲ (        ) – ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸ. ਬਲਵਿੰਦਰ ਸਿੰਘ ਵੇਂਈਪੂਈਂ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ‘ਤੇ ਸਿਰੋਪਾਓ ਪਾ ਕੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨਿੱਜੀ ਸਕੱਤਰ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਰਵਾਨਾ ਕੀਤਾ।ਜਥੇ ਵਿੱਚ ਸ. ਜਰਨੈਲ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਜਨਰਲ ਪ੍ਰਬੰਧਕ ਦੇ ਤੌਰ ‘ਤੇ ਸ਼ਾਮਲ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਲਵਿੰਦਰ ਸਿੰਘ ਵੇਂਈਪੂਈਂ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਵਿਸਾਖੀ ਦਾ ਦਿਹਾੜਾ ਦੇਸ਼-ਵਿਦੇਸ਼ ਅੰਦਰ ਖਾਲਸਾ ਸਾਜਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਇਸੇ ਤਹਿਤ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਜਥਾ ਰਵਾਨਾ ਹੋਇਆ ਹੈ।ਉਨ੍ਹਾਂ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਇਸ ਗੱਲ ਦੀ ਪ੍ਰਸੰਨਤਾ ਪ੍ਰਗਟ ਕੀਤੀ ਕਿ ਉਨ੍ਹਾਂ ਨੂੰ ਇਸ ਜਥੇ ਦੀ ਅਗਵਾਈ ਕਰਨ ਦੀ ਸੇਵਾ ਮਿਲੀ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਾਂ ਵਿੱਚ ਜੇਕਰ ਕੋਈ ਘਾਟ ਮਹਿਸੂਸ ਹੋਈ ਤਾਂ ਇਸ ਸਬੰਧੀ ਉਹ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਨਗੇ।
ਇਸ ਮੌਕੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਪਾਕਿਸਤਾਨ ਲਈ ਰਵਾਨਾ ਕੀਤੇ ਗਏ ਜਥੇ ਵਿੱਚ ੪੯੭ ਸ਼ਰਧਾਲੂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਸ ਵਾਰ ਕੇਂਦਰ ਤੇ ਪਾਕਿਸਤਾਨ ਸਫਾਰਤਖਾਨੇ ਨੂੰ ੫੧੫ ਯਾਤਰੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ੧੮ ਯਾਤਰੂਆਂ ਦੇ ਵੀਜ਼ੇ ਕੱਟੇ ਗਏ ਹਨ।ਸ. ਭੂਰਾਕੋਹਨਾ ਨੇ ਦੱਸਿਆ ਕਿ ਇਹ ਜਥਾ ਵਿਸਾਖੀ ਦਾ ਤਿਉਹਾਰ ਮਨਾਉਣ ਤੇ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ), ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੌੜੀ ਸਾਹਿਬ ਏਮਨਾਬਾਦ ਜ਼ਿਲ੍ਹਾ ਗੁਜ਼ਰਾਵਾਲਾ, ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਤੇ ਹੋਰ ਸਬੰਧਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਕੇ ੨੧ ਅਪ੍ਰੈਲ ਨੂੰ ਵਾਹਗਾ ਅਟਾਰੀ ਰਾਹੀਂ ਭਾਰਤ ਵਾਪਸ ਪਰਤੇਗਾ।aੁਨ੍ਹਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਸਿੱਖ ਗੁਰਧਾਮਾਂ ਨਾਲ ਯਾਤਰੂਆਂ ਦੀ ਆਸਥਾ ਬੱਝੀ ਹੋਈ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਯਾਤਰਾ ਸਬੰਧੀ ਭੇਜੇ ਜਾਂਦੇ ਵੱਧ ਤੋਂ ਵੱਧ ਨਾਵਾਂ ਨੂੰ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰਣਾਲੀ ਨੂੰ ਸਰਲ ਕੀਤਾ ਜਾਵੇ ਕਿਉਂਕਿ ਜਦੋਂ ਕਿਸੇ ਯਾਤਰੂ ਦਾ ਵੀਜ਼ਾ ਨਹੀਂ ਲੱਗਦਾ ਤਾਂ ਉਸ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ।
ਇਸ ਸਮੇਂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਮਰਜੀਤ ਸਿੰਘ ਕੰਗ, ਸ. ਸਕੱਤਰ ਸਿੰਘ, ਸ. ਮਹਿੰਦਰ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਕਰਨਜੀਤ ਸਿੰਘ ਤੇ ਸ. ਬਲਕਾਰ ਸਿੰਘ ਜੌੜਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਮੌਜੂਦ ਸਨ।