ਅੰਮ੍ਰਿਤਸਰ, 26 ਜੁਲਾਈ (         )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਆਰੰਭੀ ਧਰਮ ਪਚਾਰ ਲਹਿਰ ਤਹਿਤ 29 ਜੁਲਾਈ ਨੂੰ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾਂ ਬੁੜੈਲ, ਸੈਕਟਰ 44-ਏ, ਚੰਡੀਗੜ੍ਹ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਸ਼ਾਮ 7:30 ਤੋਂ ਰਾਤ 11:30 ਵਜੇ ਤੀਕ ਹੋਏਗਾ ਅਤੇ ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ ਤੇ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਬਾਗ਼ ਸ਼ਹੀਦਾਂ ਅਤੇ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕੱਤਰਤਾ ਕੀਤੀ ਗਈ,ਜਿਸ ਵਿਚ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਰਬਾਰ ਸਿੰਘ ਗੁਰੂ, ਸਕੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਅਵਤਾਰ ਸਿੰਘ ਸਕੱਤਰ, ਸ. ਭਗਵੰਤ ਸਿੰਘ ਨਿਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸ. ਜਗਤਾਰ ਸਿੰਘ ਮੈਨੇਜਰ ਗੁ: ਬਾਗ ਸ਼ਹੀਦਾਂ ਬੁੜੈਲ ਆਦਿ ਹਾਜ਼ਰ ਸਨ।