ਯਾਦਗਾਰੀ ਹੋਣਗੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ-ਡਾ. ਰੂਪ ਸਿੰਘ

ਰਾਗ ਦਰਬਾਰ ਤੋਂ ਇਲਾਵਾ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਅਨੰਦ ਮਾਣ ਸਕਣਗੀਆਂ ਸੰਗਤਾਂ

ਅੰਮ੍ਰਿਤਸਰ, 16 ਅਗਸਤ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 10 ਸਤੰਬਰ ਨੂੰ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 26 ਅਕਤੂਬਰ ਨੂੰ ਮਨਾਇਆ ਜਾਣਾ ਹੈ।
ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਮਹਾਨ ਪੁਰਬਾਂ ਸਮੇਂ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਅੰਦਰ ਜੀਵਨ-ਜੁਗਤਿ ਸਮਾਗਮ ਆਰੰਭ ਕਰ ਦਿੱਤੇ ਗਏ ਹਨ ਅਤੇ ਇਹ ਲਗਾਤਾਰ ਪ੍ਰਕਾਸ਼ ਪੁਰਬ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵੀ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ ਤੋਂ ਪਹਿਲੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ‘ਰਾਗ ਦਰਬਾਰ’ ਕਰਵਾਇਆ ਜਾਵੇਗਾ, ਜਦਕਿ ਇਸ ਵਾਰ ‘ਰਾਗ ਦਰਬਾਰ’ ਤੋਂ ਇਕ ਰਾਤ ਪਹਿਲਾਂ ਚੌਥੇ ਪਾਤਸ਼ਾਹ ਜੀ ਦੀ ਬਾਣੀ ਅਨੁਸਾਰ ਪੁਰਾਤਨ ਪੜਤਾਲ ਗਾਇਨ ਨਾਲ ਸਬੰਧਤ ਕੀਰਤਨ ਸਮਾਗਮ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਵੱਲੋਂ ਗੁਰੂ ਨਗਰੀ ਵਿਚ ਵਸਾਏ ਗਏ 52 ਕਿੱਤਿਆਂ ਵਿੱਚੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜੋ ਅੱਜ ਵੀ ਸਾਬਤ-ਸੂਰਤ ਰਹਿੰਦਿਆਂ ਆਪਣਾ ਕਿੱਤਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ, ਦੀਪਮਾਲਾ ਕਰਨ ਤੋਂ ਇਲਾਵਾ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਨ ਲਈ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮੁੱਚੇ ਸ਼ਹਿਰ ਅੰਦਰ ਦੀਪਮਾਲਾ ਕਰਨ ਲਈ ਵੀ ਸੰਗਤਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ।
ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਨਗਰ ਕੀਰਤਨ ਵਿਸ਼ੇਸ਼ ਖਿੱਚ ਦਾ ਕੇਂਦਰ ਹੁੰਦਾ ਹੈ ਅਤੇ ਇਸ ਵਾਰ ਇਸ ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਸਥਾਨਕ ਸੰਗਤਾਂ ਤੋਂ ਇਲਾਵਾ ਪੰਜਾਬ ਤੇ ਪੰਜਾਬ ਤੋਂ ਬਾਹਰ ਦੇ ਸ਼ਹਿਰਾਂ ਤੋਂ ਜਥਿਆਂ ਦੇ ਨਾਲ-ਨਾਲ ਵਿਦੇਸ਼ਾਂ ਤੋਂ ਵੀ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ ਖ਼ਾਲਸਾਈ ਜਾਹੋ-ਜਲਾਲ ਨਾਲ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀ ਭਰਨ।
ਇਕੱਤਰਤਾ ਸਮੇਂ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ ਕੰਗ, ਸ. ਕਰਮਬੀਰ ਸਿੰਘ ਤੇ ਸ. ਨਿਸ਼ਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮਨਜਿੰਦਰ ਸਿੰਘ ਮੰਡ, ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸੁਖਬੀਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸ. ਜਗਤਾਰ ਸਿੰਘ, ਸ. ਗੁਰਾ ਸਿੰਘ ਆਦਿ ਮੌਜੂਦ ਸਨ।