ਗ੍ਰੰਥੀ ਸਿੰਘ ਸੰਗਤਾਂ ਤੇ ਖ਼ਾਸਕਰ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉੱਦਮ ਕਰਨ -ਗਿਆਨੀ ਗੁਰਬਚਨ ਸਿੰਘ

ਗੁਰਬਾਣੀ ਦੇ ਗੁੱਝੇ ਭੇਦਾਂ ਨੂੰ ਸਮਝਣ ਲਈ ਸ਼ੁੱਧ ਉਚਾਰਣ ਜ਼ਰੂਰੀ- ਭਾਈ ਲੌਂਗੋਵਾਲ

ਸ੍ਰੀ ਮੁਕਤਸਰ ਸਾਹਿਬ, 4 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ 1 ਜੂਨ ਤੋਂ ਆਰੰਭ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਸਿਰੋਪਾਓ, ਪ੍ਰਮਾਣ ਪੱਤਰ ਅਤੇ 5100-5100 ਰੁਪਏ ਦੀ ਰਾਸ਼ੀ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਪਾਠ ਬੋਧ ਸਮਾਗਮ ਵਿਚ ਕੁਲ 325 ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨੇ ਹਿੱਸਾ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਬਾਣੀ ਦੀ ਸੰਥਿਆ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਲਈ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੰਜਾਬ ਭਰ ਵਿਚ ਆਰੰਭਿਆ ਗਿਆ ਪਾਠ ਬੋਧ ਸਮਾਗਮਾਂ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਗ੍ਰੰਥੀ ਸਿੰਘਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਪਿੰਡਾਂ ਵਿਚ ਜਾ ਕੇ ਸੰਗਤਾਂ ਅਤੇ ਖ਼ਾਸਕਰ ਨੌਜੁਆਨਾਂ ਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉੱਦਮ ਕਰਨ। 
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਗੁੱਝੇ ਭੇਦਾਂ ਨੂੰ ਸਮਝਣ ਲਈ ਗੁਰਬਾਣੀ ਦਾ ਸ਼ੁੱਧ ਉਚਾਰਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ ਅਤੇ ਹਰ ਪਿੰਡ-ਸ਼ਹਿਰ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਮੁਕੰਮਲ ਸੰਥਿਆ ਦਿੱਤੀ ਜਾਵੇਗੀ। ਉਨ੍ਹਾਂ ਗੁਰਬਾਣੀ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਗ੍ਰੰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਪਾਠ ਬੋਧ ਸਮਾਗਮ ਵਿਚ ਵੱਡੀ ਗਿਣਤੀ ਗ੍ਰੰਥੀਆਂ ਤੇ ਅਖੰਡਪਾਠੀਆਂ ਨੂੰ ਸ਼ਾਮਲ ਕਰਨ ਲਈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੇ ਯਤਨਾਂ ਦੀ ਸ਼ਲਾਘਾ ਕੀਤੀ। 
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡਾਂ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਪਾਠ ਬੋਧ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਉਪਰਾਲੇ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਹਰ ਗ੍ਰੰਥੀ ਅਖੰਡਪਾਠੀ ਨੂੰ ਇਸ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਬ-ਆਫ਼ਿਸ ਤਲਵੰਡੀ ਸਾਬੋ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ. ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ, ਸ. ਗੁਰਮੀਤ ਸਿੰਘ ਬੂਹ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਨਵਤੇਜ ਸਿੰਘ ਕਾਉਣੀ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਬੀਬੀ ਕਿਰਨਬੀਰ ਕੌਰ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਖਦੇਵ ਸਿੰਘ ਬਾਠ, ਸ. ਕੌਰ ਸਿੰਘ ਬਹਾਵਵਾਲਾ, ਸ. ਬਿੱਕਰ ਸਿੰਘ ਚੰਨੂ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੇਵਲ ਸਿੰਘ ਗਿੱਲ, ਜਥੇਦਾਰ ਓਦੈ ਸਿੰਘ ਲੌਂਗੋਵਾਲ, ਸ. ਹੀਰਾ ਸਿੰਘ ਚੜੇਵਾਨ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਤੇਜਿੰਦਰ ਸਿੰਘ ਮਿੱਡੂਖੇੜਾ, ਬੀਬੀ ਪਰਮਜੀਤ ਕੌਰ ਜ਼ਿਲ੍ਹਾ ਪ੍ਰਧਾਨ, ਸ. ਮਨਜੀਤ ਸਿੰਘ ਪੀ.ਏ., ਸ. ਪ੍ਰਵਿੰਦਰ ਸਿੰਘ ਪ੍ਰਚਾਰਕ, ਸ. ਜਗਦੇਵ ਸਿੰਘ ਹੈੱਡ ਪ੍ਰਚਾਰਕ, ਪ੍ਰੋ. ਕੁਲਰਾਜ ਸਿੰਘ. ਸ. ਭੋਲਾ ਸਿੰਘ ਇੰਚਾਰਜ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਸ. ਬਲਵਿੰਦਰ ਸਿੰਘ, ਸ. ਬਲਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ. ਮਨਿੰਦਰ ਸਿੰਘ ਐਡੀਸ਼ਨਲ ਮੈਨੇਜਰ ਹੋਰ ਹਾਜ਼ਰ ਸਨ।