ਗੁਰਬਾਣੀ ਦੇ ਸਹੀ ਅਰਥ ਸਮਝਣ ਲਈ ਸ਼ੁੱਧ ਉਚਾਰਨ ਦੀ ਸਮਝ ਜ਼ਰੂਰੀ -ਗਿਆਨੀ ਗੁਰਬਚਨ ਸਿੰਘ

ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਜਾਣਕਾਰੀ ਲਈ ਪਾਠ ਬੋਧ ਸਮਾਗਮਾਂ ਦਾ ਵੱਡਾ ਮਹੱਤਵ- ਭਾਈ ਲੌਂਗੋਵਾਲ

ਅੰਮ੍ਰਿਤਸਰ 17 ਅਪ੍ਰੈਲ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਤੇ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ ਕੀਤਾ ਗਿਆ, ਜੋ ੧੬ ਮਈ ਤੀਕ ਚੱਲੇਗਾ। ਸਮਾਗਮ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਮੇਤ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮੌਜੂਦ ਸਨ। ਪਾਠ ਬੋਧ ਸਮਾਗਮ ਦੀ ਆਰੰਭਤਾ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਆਰੰਭਤਾ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਲਈ ਗੁਰਬਾਣੀ ਦੀ ਸੰਥਿਆ ਬੇਹੱਦ ਜ਼ਰੂਰੀ ਹੈ, ਕਿਉਂਕਿ ਗੁਰਬਾਣੀ ਦੇ ਸ਼ੁੱਧ ਉਚਾਰਨ ਨਾਲ ਹੀ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਜਾ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਗ੍ਰੰਥੀ ਸ਼੍ਰੇਣੀ ਨੂੰ ਭਰਪੂਰ ਲਾਭ ਪ੍ਰਾਪਤ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਜਾਣਕਾਰੀ ਲਈ ਪਾਠ ਬੋਧ ਸਮਾਗਮਾਂ ਦਾ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੇ ਤਿੰਨਾਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੀ ਅਗਵਾਈ ਵਿਚ ਨਿਰੰਤਰ ਚਲਾਏ ਜਾਣਗੇ ਅਤੇ ਇਸੇ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਜਲਦ ਹੀ ਪਾਠ ਬੋਧ ਸਮਾਗਮਾਂ ਦੀ ਆਰੰਭਤਾ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਪਾਠ ਬੋਧ ਸਮਾਗਮ ਵਿਚ ਲਗਾਤਾਰ ਹਾਜ਼ਰੀ ਭਰਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮਾਣ ਪੱਤਰ ਦੇ ਨਾਲ ੫੧-੫੧ ਸੌ ਰੁਪਏ ਸਨਮਾਨ ਵਜੋਂ ਦਿੱਤੇ ਜਾਣਗੇ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਆਸ ਪ੍ਰਗਟ ਕੀਤੀ ਕਿ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਸਿੰਘ ਜਿਥੇ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਆਪ ਸੁਚੇਤ ਹੋਣਗੇ, ਉਥੇ ਹੀ ਸੰਗਤਾਂ ਨੂੰ ਵੀ ਗੁਰਬਾਣੀ ਦੇ ਸ਼ੁੱਧ ਉਚਾਰਨ ਦੇ ਮਹੱਤਵ ਬਾਰੇ ਜਾਗਰੂਕ ਕਰਨਗੇ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਵਡਭਾਗਾ ਕਿਹਾ, ਉਥੇ ਹੀ ਗ੍ਰੰਥੀ ਸਿੰਘਾਂ ਨੂੰ ਨਿੱਜੀ ਤੌਰ ‘ਤੇ ਸਹਿਜ ਪਾਠ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹਿਜ ਪਾਠ ਕਰਨ ਨਾਲ ਗੁਰਬਾਣੀ ਉਚਾਰਨ ਦਾ ਅਭਿਆਸ ਵਧਦਾ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪਾਠ ਬੋਧ ਸਮਾਗਮ ਦੀ ਸਮੁੱਚੀ ਰੂਪ ਰੇਖਾ ਸਾਂਝੀ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨਾਲ ਗੁਰਬਾਣੀ ਵਿਆਕਰਣ ਦੇ ਭੇਦ ਸਾਂਝੇ ਕਰਦਿਆਂ ਗੁਰਮੁਖੀ ਲਿਪੀ ਦੀਆਂ ਧੁਨੀਆਂ ਸਬੰਧੀ ਜਾਣਕਾਰੀ ਦਿੱਤੀ। ਭਾਈ ਪ੍ਰਮਿੰਦਰ ਸਿੰਘ ਨੇ ਹਾਜ਼ਰ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਆਰੰਭ ਕਰਵਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਭਾਈ ਪ੍ਰਮਿੰਦਰ ਸਿੰਘ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਹਰਦਲਬੀਰ ਸਿੰਘ ਸ਼ਾਹ ਸਾਬਕਾ ਮੈਂਬਰ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਮਹਿੰਦਰ ਸਿੰਘ ਆਹਲੀ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂ ਘੁੰਮਣ, ਸ. ਸਿਮਰਜੀਤ ਸਿੰਘ, ਸ. ਭੁਪਿੰਦਰ ਸਿੰਘ, ਸ. ਨਿਸ਼ਾਨ ਸਿੰਘ, ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ, ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।