ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਬਾਰਾਮੂਲਾ ਵਿਖੇ ਸਮਾਗਮ ‘ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ

ਅੰਮ੍ਰਿਤਸਰ, ੨੯ ਜੂਨ- ਜੰਮੂ ਕਸ਼ਮੀਰ ਦੇ ਬਾਰਾਮੂਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸੰਗਤਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਸਮੁੱਚੇ ਵਿਸ਼ਵ ਦੇ ਸਿੱਖਾਂ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਜੰਮੂ ਕਸ਼ਮੀਰ ਵਿਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਹਰ ਸੰਭਵ ਯਤਨ ਕਰੇਗੀ। ਬਾਰਾਮੂਲਾ ਪਹੁੰਚੇ ਭਾਈ ਲੌਂਗੋਵਾਲ ਦਾ ਸਥਾਨਕ ਸਿੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਅੰਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਸਥਾਨਕ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਸਰਕਾਰ ਵੱਲੋਂ ਸਿੱਖਾਂ ਨੂੰ ਸਰਕਾਰੀ ਨੌਂਕਰੀਆਂ ਵਿਚ ਪਛਾੜਿਆ ਜਾ ਰਿਹਾ ਹੈ ਅਤੇ ਸੂਬੇ ਅੰਦਰ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਵੀ ਘੱਟ ਗਿਣਤੀਆਂ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਭਾਈ ਲੋਂਗੋਵਾਲ ਨੇ ਸਥਾਨਕ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਮਸਲਿਆਂ ਨੂੰ ਸਰਕਾਰਾਂ ਤੱਕ ਲਿਜਾਣ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਜੰਮੂ ਕਸ਼ਮੀਰ ਦੇ ਸਿੱਖਾਂ ਲਈ ਕੇਂਦਰ ਤੇ ਜੰਮੂ ਕਸ਼ਮੀਰ ਸਰਕਾਰ ਤੱਕ ਪਹੁੰਚ ਕਰਦੀ ਰਹੀ ਹੈ ਅਤੇ ਹੁਣ ਫਿਰ ਸਰਗਰਮ ਢੰਗ ਨਾਲ ਸਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇੱਕ ਨਿਡਰ ਕੌਮ ਹੈ ਅਤੇ ਇਹ ਸਿੱਖ ਜਿਥੇ ਵੀ ਵੱਸਦੇ ਹਨ ਉਥੋਂ ਦੀ ਤਰੱਕੀ ਤੇ ਖੁਸ਼ਲਾਹੀ ਲਈ ਸਿਰਤੋੜ ਯਤਨ ਕਰਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਜੰਮੂ ਕਸ਼ਮੀਰ ਅੰਦਰ ਸਿੱਖਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਭਾਈ ਲੌਂਗੋਵਾਲ ਨੇ ਗੁਲਮਰਗ ਵਿਖੇ ਭਾਈ ਵੀਰ ਸਿੰਘ ਦੇ ਨਾਂ ਤੇ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਇਸ ਸਬੰਧ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਭਾਈ ਲੌਂਗੋਵਾਲ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ. ਜਨਕ ਸਿੰਘ ਸੋਢੀ, ਸ. ਗੁਰਜੀਤ ਸਿੰਘ, ਸ. ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਜੰਮੂ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਸਵਰਣ ਸਿੰਘ ਖਾਲਸਾ, ਸ. ਤਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।