ਅੰਮ੍ਰਿਤਸਰ, 22 ਦਸੰਬਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਸੰਗਤਾਂ ਨਾਲ ਇਤਿਹਾਸ ਦੀ ਸਾਂਝ ਕਰਦਿਆਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜ਼ਾਦਿਆਂ ਅਤੇ ਪਿਆਰੇ ਸਿੱਖਾਂ ਦੀ ਸ਼ਹਾਦਤ ਹੱਕ, ਸੱਚ ਤੇ ਧਰਮ ਦੀ ਰੱਖਵਾਲੀ ਲਈ ਉੱਘੜਵੀਂ ਮਿਸਾਲ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਬਘੇਲ ਸਿੰਘ, ਸ. ਦਰਸ਼ਨ ਸਿੰਘ, ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜਫਰਵਾਲ ਸਮੇਤ ਸੰਗਤਾਂ ਹਾਜ਼ਰ ਸਨ।