ਸ਼੍ਰੋਮਣੀ ਕਮੇਟੀ ਨਸ਼ਿਆਂ ਖਿਲਾਫ਼ ਜ਼ੋਰਦਾਰ ਮੁਹਿਮ ਚਲਾਏਗੀ-ਭਾਈ ਲੌਂਗੋਵਾਲ
ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੈਮੀਨਾਰ ਤੇ ਚੇਤਨਾ ਮਾਰਚ ਕਰਨ ਅਤੇ ਨਸ਼ੇ ਛੱਡਣ ਵਾਲਿਆਂ ਦੀ ਸਹਾਇਤਾ ਕਰਨ ਦਾ ਫੈਸਲਾ
ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਹੈਲਮੈਂਟ ਪਹਿਨਣ ਦੇ ਫੈਸਲੇ ‘ਤੇ ਮੁੜ ਵਿਚਾਰ ਹੋਵੇ-ਭਾਈ ਲੌਂਗੋਵਾਲ

ਚੰਡੀਗੜ੍ਹ, ੦੭ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਸਮਾਜ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਇਕ ਜ਼ੋਰਦਾਰ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਡੂੰਘੀ ਚਿੰਤਾ ਦਾ ਵਿਸ਼ਾ ਹਨ ਅਤੇ ਸ਼੍ਰੋਮਣੀ ਕਮੇਟੀ ਨਸ਼ਿਆਂ ਖਿਲਾਫ਼ ਇਕ ਜ਼ੋਰਦਾਰ ਮੁਹਿੰਮ ਚਲਾਵੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਖੇਤਰ ‘ਚ ਸਰਗਰਮ ਸ਼੍ਰੋਮਣੀ ਕਮੇਟੀ ਦੀ ਪ੍ਰਚਾਰਕ ਸ਼੍ਰੇਣੀ ਸਮਾਜ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰੇਗੀ ਅਤੇ ਵੱਡੀ ਗਿਣਤੀ ਵਿਚ ਟ੍ਰੈਕਟ ਛਪਵਾ ਕੇ ਵੰਡੇ ਜਾਣਗੇ। ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਜਾਗਰੂਕਤਾ ਮਾਰਚ ਕੱਢਣ, ਸੈਮੀਨਾਰ ਕਰਵਾਉਣ ਅਤੇ ਨਾਟਕ ਤਿਆਰ ਕਰਵਾ ਕੇ ਪਿੰਡਾਂ, ਸ਼ਹਿਰਾਂ, ਕਸਬਿਆਂ ‘ਚ ਦਿਖਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਜਿਹੜੇ ਲੋਕ ਨਸ਼ੇ ਛੱਡਣੇ ਚਾਹੁਣਗੇ ਉਨ੍ਹਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ ‘ਤੇ ਹੋਣ ਵਾਲਾ ਸਾਰਾ ਖ਼ਰਚ ਧਰਮ ਪ੍ਰਚਾਰ ਕਮੇਟੀ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਿੱਖ ਬੀਬੀਆਂ ਨੂੰ ਹੈਲਮੈਂਟ ਸਬੰਧੀ ਫੈਸਲੇ ”ਤੇ ਸ਼੍ਰੋਮਣੀ ਕਮੇਟੀ ਰੀਵਿਊ ਕਰਨ ਦੀ ਮੰਗ ਕਰਦੀ ਹੈ ਕਿਉਂਕਿ ਸਿੱਖ ਮਰਯਾਦਾ ਅਨੁਸਾਰ ਟੋਪ ਪਹਿਨਣਾ ਸਿੱਖ ਦੀ ਰਹਿਣੀ ਦਾ ਹਿੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪੂਰੀ ਕਾਨੂੰਨੀ ਲੜਾਈ ਲੜੇਗੀ।
ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬ ਸਾਂਝੀਵਾਲਤਾ, ਪਰਉਪਕਾਰ ਤੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜੰਗ ਦੌਰਾਨ ਬਿਨਾ ਭੇਦ-ਭਾਵ ਦੇ ਜ਼ਖ਼ਮੀਆਂ ਨੂੰ ਪਾਣੀ ਤੇ ਮਲ੍ਹਮ ਪੱਟੀ ਦੀ ਸੇਵਾ ਕਰਨ ਵਾਲੇ ਗੁਰੂ ਘਰ ਦੇ ਅਨਿਨ ਸਿੱਖ ਭਾਈ ਘਨ੍ਹੱਈਆ ਜੀ ਦੇ ਅਕਾਲ ਚਲਾਣੇ ਦੀ ੩੦੦ ਸਾਲਾ ਸ਼ਤਾਬਦੀ ੨੦ ਸਤੰਬਰ ੨੦੧੮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਿਥੇ ਗੁਰਮਤਿ ਸਮਾਗਮ ਕਰਵਾਏ ਜਾਣਗੇ, ਉਥੇ ਹੀ ਖੂਨਦਾਨ, ਨੇਤਰਦਾਨ ਅਤੇ ਮੁੱਢਲੀ ਸਹਾਇਤਾ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਸਬੰਧ ਵਿਚ ਇਕ ਵਿਸ਼ੇਸ਼ ਸੋਵੀਨਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ੨੫੦ ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਨਾਲ ਸਬੰਧਤ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ੧੮ ਜੁਲਾਈ ਨੂੰ ਵਿਸ਼ੇਸ਼ ਸਮਾਗਮ ਹੋਣਗੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਇਕੱਤਰਤਾ ਦੌਰਾਨ ਜੰਮੂ ਕਸ਼ਮੀਰ ਅੰਦਰ ਇਸਲਾਮਕ ਯੂਨੀਵਰਸਿਟੀ ਅਵਾਂਤੀਪੋਰਾ ਪੁਲਵਾਮਾ ‘ਚ ਪੜ੍ਹਦੀ ਸਿੱਖ ਲੜਕੀ ਮਨਦੀਪ ਕੌਰ ਨੂੰ ਦੋ ਲੜਕਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਨੂੰ ਜਬਰੀ ਇਸਲਾਮ ਕਬੂਲ ਕਰਨ ਦਾ ਦਬਾਅ ਪਾਉਣ ਦੀ ਘਟਨਾ ਮੰਦਭਾਗੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਪੁਰਜ਼ੋਰ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਧਿਕਾਰੀਆਂ ਤੇ ਪੁਲਿਸ ਪਾਸ ਸ਼ਿਕਾਇਤ ਤੋਂ ਬਾਅਦ ਵੀ ਕਾਰਵਾਈ ਨਾ ਹੋਣਾ ਉਸ ਤੋਂ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ ਰਾਹੀਂ ਰੋਸ ਪ੍ਰਗਟ ਕੀਤਾ ਜਾਵੇਗਾ ਅਤੇ ਅਜਿਹੀਆਂ ਘਟਨਾਵਾਂ ਨੂੰ ਫੌਰੀ ਰੋਕਣ ਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ‘ਚ ਕੋਰਸ ਦੌਰਾਨ ਪਹਿਲੇ ਤਿੰਨ ਸਥਾਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਤੁਰੰਤ ਸੇਵਾ ‘ਤੇ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ। ਉਨ੍ਹਾਂ ਇਕ ਹੋਰ ਅਹਿਮ ਫੈਸਲੇ ਸਬੰਧੀ ਦੱਸਿਆ ਕਿ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਵਿਖੇ ਬੈਚੂਲਰ ਆਫ ਗੁਰਦੁਆਰਾ ਮੈਨੇਜਮੈਂਟ ਸਬੰਧੀ ੩ ਸਾਲ ਦਾ ਕੋਰਸ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਗੁਰਦੁਆਰਾ ਪ੍ਰਬੰਧ ਵਿਚ ਆਉਣ ਵਾਲੇ ਵਿਅਕਤੀ ਸਿਖਿਅਤ ਹੋ ਕੇ ਆ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਪਿੰਡ ਸਰਫਕੋਟ ਦੇ ਵਾਸੀਆਂ ਵੱਲੋਂ ਪੰਜ ਤੋਂ ਇਕ ਗੁਰਦੁਆਰਾ ਸਾਹਿਬ ਕਰਨ ‘ਤੇ ਗੁਰਦੁਆਰਾ ਸਾਹਿਬ ਨੂੰ ੨ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਿੰਡ ਤੋਂ ਪ੍ਰੇਰਣਾ ਲੈ ਕੇ ਹੋਰਨਾਂ ਪਿੰਡਾਂ ਨੂੰ ਵੀ ਵੱਧ ਗੁਰਦੁਆਰਿਆਂ ਤੋਂ ਇਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਕੱਤਰਤਾ ਦੌਰਾਨ ਪੰਥਕ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹੇ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ਅਤੇ ਅਫਗਾਨਿਸਤਾਨ ‘ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਸਬੰਧੀ ਸ਼ੋਕ ਮਤੇ ਰਾਹੀਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਨੂੰ ਮੂਲਮੰਤਰ ਤੇ ਗੁਰਮੰਤਰ ਦੇ ਪਾਠ ਨਾਲ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਦਿੱਲੀ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ, ਸ. ਦਰਸ਼ਨ ਸਿੰਘ ਪੀ.ਏ., ਸ. ਲਖਬੀਰ ਸਿੰਘ ਮੀਤ ਸਕੱਤਰ ਚੰਡੀਗੜ੍ਹ ਉਪ-ਦਫ਼ਤਰ, ਸ. ਜਗੀਰ ਸਿੰਘ ਮੈਨੇਜਰ, ਸ. ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।