ਅੰਮ੍ਰਿਤਸਰ, 13 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 554 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਸ਼ ਸਿੱਖਿਆਵਾਂ ’ਤੇ ਪਹਿਰਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣੇ ਚਾਹੀਦੇ ਹਨ ਅਤੇ ਸਿੱਖ ਰਹਿਤ ਮਰਯਾਦਾ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਵੀ ਸਿੱਖ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਇਤਿਹਾਸਕ ਰਵਾਇਤਾਂ ਤੇ ਪ੍ਰੰਪਰਾਵਾਂ ਬਹੁਤ ਮਹਾਨ ਹਨ, ਜਿਸ ਤੋਂ ਅਗਵਾਈ ਲੈ ਕੇ ਅਸੀਂ ਜੀਵਨ ਜਾਂਚ ਨਿਰਧਾਰਤ ਕਰੀਏ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਜਥੇਬੰਦਕ ਤੌਰ ’ਤੇ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ ਸਿੰਘ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤੇ ਸ. ਲਖਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।