ਨਵਜੋਤ ਕੌਰ ਨੂੰ ੨ ਲੱਖ ੫੧ ਹਜ਼ਾਰ ਅਤੇ ਅਰਸ਼ਦੀਪ ਸਿੰਘ ਨੂੰ ੧ ਲੱਖ ੨੫ ਹਜ਼ਾਰ ਦੀ ਰਾਸ਼ੀ ਦੇ ਚੈੱਕ ਦਿੱਤੇ

ਸ਼੍ਰੋਮਣੀ ਕਮੇਟੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਦੀ ਰਹੇਗੀ – ਭਾਈ ਲੌਂਗੋਵਾਲ

ਅੰਮ੍ਰਿਤਸਰ, ੨੯ ਮਾਰਚ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਅਤੇ ਅੰਡਰ ੧੯ ਵਿਚ ਕ੍ਰਿਕਟ ਵਿਸ਼ਵ ਕੱਪ ੨੦੧੮ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਨਵਜੋਤ ਕੌਰ ਨੂੰ ੨ ਲੱਖ ੫੧ ਹਜ਼ਾਰ ਰੁਪਏ ਅਤੇ ਅਰਸ਼ਦੀਪ ਸਿੰਘ ਨੂੰ ੧ ਲੱਖ ੨੫ ਹਜ਼ਾਰ ਰੁਪਏ ਦੀ ਸਨਮਾਨਿਤ ਰਾਸ਼ੀ ਦੇ ਚੈੱਕ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਨੌਜੁਆਨ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰਦੀ ਰਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਨੌਜੁਆਨ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੋਂ ਸਿੱਖ ਨੌਜੁਆਨੀ ਜ਼ਰੂਰ ਪ੍ਰੇਰਣਾ ਲਵੇਗੀ। ਇਸ ਮੌਕੇ ਉਨ੍ਹਾਂ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ। ਇਸ ਸਮੇਂ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਦੀਆਂ ਪ੍ਰਾਪਤੀਆਂ ਨਾਲ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਸਨਮਾਨ ਪ੍ਰਾਪਤ ਹੋਏ ਹਨ, ਪਰ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਪਾਸੋਂ ਸਨਮਾਨ ਪ੍ਰਾਪਤ ਕਰਕੇ ਅਥਾਹ ਖ਼ੁਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨ ਸਮੁੱਚੀ ਸਿੱਖ ਕੌਮ ਵੱਲੋਂ ਸਨਮਾਨ ਹੈ ਅਤੇ ਇਸ ਤੋਂ ਵੱਡਾ ਉਨ੍ਹਾਂ ਲਈ ਕੋਈ ਹੋਰ ਸਨਮਾਨ ਨਹੀਂ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ, ਡਾ. ਰੂਪ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਬਾਠ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸ. ਦਰਸ਼ਨ ਸਿੰਘ ਪੀ.ਏ. ਅਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।