ਅੰਮ੍ਰਿਤਸਰ, 13 ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ। ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ੫ ਅਕਤੂਬਰ ਤੋਂ ਲੈ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਆਏ ਹੁਕਮਨਾਮੇ ਦੀ ਕਥਾ ਨਾਲ ਜੋੜਦੇ ਆ ਰਹੇ ਸਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਵੱਡਮੁੱਲਾ ਕਾਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਮੌਕੇ ੫ ਅਕਤੂਬਰ ਤੋਂ ਕਥਾ ਦੀ ਸੇਵਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਚਾਰ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਕੌਮ ਦੀ ਇਸ ਸ਼ਖ਼ਸੀਅਤ ਦਾ ਸਿੱਖ ਜਗਤ ਅੰਦਰ ਵਿਸ਼ੇਸ਼ ਸਤਿਕਾਰ ਹੈ। ਡਾ. ਰੂਪ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀਆਂ ਹਾਜ਼ਰੀਆਂ ਭਰਨ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਭਾਈ ਹਰਮਿੱਤਰ ਸਿੰਘ ਕਥਾਵਾਚਕ ਅਤੇ ਹੋਰ ਮੌਜੂਦ ਸਨ।