ਅੰਮ੍ਰਿਤਸਰ, 31 ਅਕਤੂਬਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਅਧਿਕਾਰੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦੀਆਂ ਧਰਮ ਪ੍ਰਚਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ 11 ਦਿਨ ਕਥਾ-ਵਿਚਾਰਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕੌਮ ਦੇ ਕਥਾਕਾਰਾਂ ਪਾਸੋਂ ਗੁਰਮਤਿ ਵਿਚਾਰਾਂ ਸਰਵਣ ਕਰਕੇ ਗੁਰਮਤਿ ਜੀਵਨ ਦੇ ਧਾਰਨੀ ਬਣਨ।

ਇਸ ਮੌਕੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਦਾ ਵੱਡਮੁੱਲਾ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਚਾਰ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਕੌਮ ਦੀ ਇਸ ਮਹਾਨ ਸ਼ਖ਼ਸੀਅਤ ਦਾ ਸਿੱਖ ਜਗਤ ਅੰਦਰ ਵਿਸ਼ੇਸ਼ ਸਤਿਕਾਰ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਪਾਵਨ ਹੁਕਮਨਾਮੇ ਦੀ ਕਥਾ ਵਿਚਾਰ ਨਾਲ ਸੰਗਤ ਨੂੰ ਜੋੜਨ ਲਈ ਸ਼੍ਰੋਮਣੀ ਕਮੇਟੀ ਇਨ੍ਹਾਂ ਦੀ ਧੰਨਵਾਦੀ ਹੈ। ਇਸ ਦੌਰਾਨ ਜਿਥੇ ਸ਼੍ਰੋਮਣੀ ਕਮੇਟੀ ਨੇ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ, ਉਥੇ ਹੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੀ ਉਨ੍ਹਾਂ ਮਾਣ-ਸਤਿਕਾਰ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੱਕਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸ. ਸਰਬਜੀਤ ਸਿੰਘ ਸੋਹਲ, ਸ. ਪਲਵਿੰਦਰ ਸਿੰਘ, ਭਾਈ ਹਰਚਰਨ ਸਿੰਘ, ਭਾਈ ਜਸਬੀਰ ਸਿੰਘ ਆਦਿ ਮੌਜੂਦ ਸਨ।