ਅੰਮ੍ਰਿਤਸਰ, 1 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ਾਰਗ ਮੁਲਾਜ਼ਮਾਂ ਦੇ ਮਸਲੇ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਅੱਜ ਲੰਮਾ ਸਮਾਂ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ ਦੌਰਾਨ ਧਰਨੇ ‘ਤੇ ਬੈਠੇ ਫ਼ਾਰਗ ਮੁਲਾਜ਼ਮਾਂ ਨਾਲ ਵੀ ਗੱਲਬਾਤ ਕਰਕੇ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਗਈ। ਸਵੇਰੇ ੧੧ ਵਜੇ ਤੋਂ ਸ਼ਾਮ ੪ ਵਜੇ ਤੱਕ ਲੰਮਾ ਸਮਾਂ ਚੱਲੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਤੇ ਸ. ਦਰਸ਼ਨ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਆਦਿ ਹਾਜ਼ਰ ਰਹੇ। ਇਸ ਬਾਰੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਫਾਰਗ ਮੁਲਾਜ਼ਮਾਂ ਦੇ ਮਸਲੇ ਨੂੰ ਹੱਲ ਕਰਨ ਲਈ ਡੂੰਘੀ ਵਿਚਾਰ ਹੋਈ ਹੈ ਅਤੇ ਸਬੰਧਤ ਫਾਰਗ ਮੁਲਾਜ਼ਮਾਂ ਪਾਸੋਂ ੩੦ ਅਪ੍ਰੈਲ ਤੱਕ ਦਾ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਹੱਲ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੀ ਵਿਚਾਰ ਕੀਤਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਫਾਰਗ ਮੁਲਾਜ਼ਮਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ, ਲੇਕਿਨ ਉਨ੍ਹਾਂ ਵੱਲੋਂ ੩੦ ਮਿੰਟ ਦਾ ਸਮਾਂ ਲੈਣ ਮਗਰੋਂ ਗੱਲਬਾਤ ਅੱਗੇ ਵਧਾਉਣ ਲਈ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਵੱਲੋਂ ਧਰਨੇ ‘ਤੇ ਬੈਠੇ ਫ਼ਾਰਗ ਮੁਲਾਜ਼ਮਾਂ ਪਾਸ ਜਾ ਕੇ ਵੀ ਧਰਨਾ ਚੁੱਕਣ ਦੀ ਬੇਨਤੀ ਕੀਤੀ ਗਈ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ੩੦ ਅਪ੍ਰੈਲ ਤੱਕ ਇਹ ਮਸਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਹੋਈ ਬੈਠਕ ਦੌਰਾਨ ਸਾਰੇ ਪੱਖਾਂ ਬਾਰੇ ਸੰਜੀਦਾ ਵਿਚਾਰ ਹੋਈ ਹੈ ਅਤੇ ਫਾਰਗ ਮੁਲਾਜ਼ਮਾਂ ਨੂੰ ਆਪਣੀ ਅੜੀ ਛੱਡ ਕੇ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੱਸਿਆ ਨੂੰ ਨਜਿੱਠਣ ਲਈ ਗੱਲਬਾਤ ਹੀ ਬਿਹਤਰ ਹੱਲ ਹੈ ਅਤੇ ਫਾਰਗ ਮੁਲਾਜ਼ਮਾਂ ਨੂੰ ਧਰਨਾ ਛੱਡ ਕੇ ਗੱਲਬਾਤ ਦਾ ਰਾਹ ਅਪਨਾਉਣਾ ਚਾਹੀਦਾ ਹੈ।