ਅੰਮ੍ਰਿਤਸਰ – 8 ਜਨਵਰੀ- ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਵਿਚ ਜਿਥੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਵਿਸ਼ੇਸ਼ ਭੁਮਿਕਾ ਨਿਭਾਈ, ਉਥੇ ਹੀ ਬਿਹਾਰ ਸਰਕਾਰ ਦੇ ਟੂਰਿਜਮ ਵਿਭਾਗ ਦਾ ਵੀ ਅਹਿਮ ਯੋਗਦਾਨ ਰਿਹਾ। ਇਸ ਪ੍ਰਸ਼ੰਸਾਜਨਕ ਯੋਗਦਾਨ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਤਰਫੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸਕੱਤਰ ਡਾ. ਰੂਪ ਸਿੰਘ ਤੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਟੂਰਿਜਮ ਵਿਭਾਗ ਬਿਹਾਰ ਦੀ ਪ੍ਰਿੰਸੀਪਲ ਸਕੱਤਰ ਬੀਬੀ ਹਰਜੋਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਿਨਤ ਕੀਤਾ।

ਦੱਸਣਯੋਗ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਬੀਬੀ ਹਰਜੋਤ ਕੌਰ ਨੇ ਟੂਰਿਜਮ ਵਿਭਾਗ ਬਿਹਾਰ ਵੱਲੋਂ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਉਹ ਪਿਛਲੇ ਦਿਨੀਂ ਸ੍ਰੀ ਪਟਨਾ ਸਾਹਿਬ ਤੋਂ ਆਰੰਭ ਹੋਈ ਜਾਗ੍ਰਤੀ ਯਾਤਰਾ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਸਮੇਂ ਵੀ ਸ੍ਰੀ ਨਿਤਿਸ਼ ਕੁਮਾਰ ਮੁੱਖ ਮੰਤਰੀ ਬਿਹਾਰ ਨਾਲ ਉਚੇਚੇ ਤੌਰ ‘ਤੇ ਖਾਲਸੇ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਏ ਸਨ।

ਬੀਬੀ ਹਰਜੋਤ ਕੌਰ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਬਿਕਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।