ਅੰਮ੍ਰਿਤਸਰ, ੨੮ ਜੂਨ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੁਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ। ਇਸ ਮੌਕੇ ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ: ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ, ਸ. ਜਤਿੰਦਰਪਾਲ ਸਿੰਘ ਐਸ.ਡੀ.ਓ. ਆਦਿ ਹਾਜ਼ਰ ਸਨ।