ਸਾਰੇ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਦਿੱਤੇ ਜਾਣਗੇ ਵਿਸ਼ੇਸ਼ ਇਨਾਮ
ਅੰਮ੍ਰਿਤਸਰ 28 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਧਾਰਮਿਕ ਮੁਕਾਬਿਲਆਂ ਦੀ ਲੜੀ ਤਹਿਤ ਅੱਜ ਸਕੂਲੀ ਬੱਚਿਆਂ ਦਾ ਕੁਇਜ਼ ਮੁਕਾਬਲਾ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਗਿਆ। ਇਹ ਮੁਕਾਬਲਾ ਸਮੁੱਚੇ ਸਿੱਖ ਇਤਿਹਾਸ ਵਿਚੋਂ ਪੁੱਛੇ ਗਏ ਸਵਾਲਾਂ ’ਤੇ ਅਧਾਰਤ ਸੀ। ਇਸ ਮੁਕਾਬਲੇ ਵਿਚ 5 ਸਕੂਲਾਂ ਵਿਚੋਂ ਆਏ 25 ਵਿਦਿਆਰਥੀਆਂ ਦੀਆਂ 5 ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਡਾ. ਰਣਜੀਤ ਕੌਰ, ਡਾ. ਅਮਰਜੀਤ ਕੌਰ, ਡਾ. ਕਿਰਨਦੀਪ ਕੌਰ, ਬੀਬੀ ਪਲਵਿੰਦਰ ਕੌਰ ਤੇ ਬੀਬੀ ਪਰਮੀਤ ਕੌਰ ਨੇੇ ਜੱਜ ਵੱਜੋਂ ਸੇਵਾ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਅਤੇ ਨੌਜੁਆਨਾਂ ਅੰਦਰ ਨੈਤਿਕ ਗੁਣਾਂ ਦਾ ਸੰਚਾਰ ਕਰਨ ਲਈ ਧਰਮ ਦੀਆਂ ਸਿੱਖਿਆਵਾਂ ਦਾ ਪ੍ਰਚਾਰ, ਮੂਲ ਲੋੜ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਕਰਵਾਏ ਜਾਂਦੇ ਅਜਿਹੇ ਧਾਰਮਿਕ ਮੁਕਾਬਿਲਆਂ ਨਾਲ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਧਰਮ ਪ੍ਰਤੀ ਰੁਚੀ ਅਤੇ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਕਾਰਜਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਦੂਰ-ਅੰਦੇਸ਼ੀ ਸੋਚ ਤੇ ਸੁਚਾਰੂ ਅਗਵਾਈ ਸਦਕਾ ਇਸ ਵਿਸ਼ੇ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੌਮ ਦਾ ਭਵਿੱਖ ਇਨ੍ਹਾਂ ਬੱਚਿਆਂ ਅੰਦਰ ਗੁਰਮਤਿ ਦੇ ਸਦਗੁਣਾਂ ਦਾ ਪ੍ਰਸਾਰ ਕੀਤਾ ਜਾ ਸਕੇ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਦੁਆਰਾ ਬੱਚਿਆਂ ਦੇ ਬੌਧਿਕ ਵਿਕਾਸ ਦੇ ਨਾਲ-ਨਾਲ ਨਰੋਏ ਸਮਾਜ ਦੀ ਵੀ ਸਿਰਜਣਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਸਿਧਾਂਤ, ਚਿੰਤਾਵਾਂ ਵਿਚ ਫਸੇ ਮਨੱੁਖਾਂ ਨੂੰ ਚੜ੍ਹਦੀ ਕਲਾ ਵਾਲੀ ਜ਼ਿੰਦਗੀ ਜਿਉਣ ਦੀ ਜਾਚ ਸਿਖਾਉਂਦੇ ਹਨ।
ਡਾ. ਰੂਪ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਕਰਵਾਏ ਗਏ ਕੁਇਜ਼ ਮੁਕਾਬਲੇ ਅਤੇ ਇਸ ਤੋਂ ਪਹਿਲਾਂ ਹੋਏ ਬਾਕੀ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵਧੀਆ ਪ੍ਰਦਰਸ਼ਨ ਕੀਤਾ ਸੀ, ਜਿਸ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਦੇ ਇਨ੍ਹਾਂ ਉਪਰਾਲਿਆਂ ਦੇ ਸਾਰਥਕ ਨਤੀਜੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਕਰਵਾਏ ਗਏ ਸਾਰੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 7 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ।
ਇਸ ਮੌਕੇ ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਕਾਬਲ ਸਿੰਘ ਲੁਹਾਰਕਾ ਸੁਪਰਵਾਈਜ਼ਰ, ਸ. ਜਸਪਾਲ ਸਿੰਘ, ਸ. ਹਰਦੀਪ ਸਿੰਘ ਤੇ ਸ. ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।