ਅੰਮ੍ਰਿਤਸਰ, ੨੫ ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ, ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਦੀ ਧਰਤੀ ‘ਤੇ ਹੱਕ ਸੱਚ ਲਈ ਇਕ ਅਜਿਹੀ ਲਹਿਰ ਸਿਰਜੀ, ਜਿਸ ਨੇ ਜ਼ਾਲਮ ਮੁਗਲ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹਾਦਤ ਤੋਂ ਪਹਿਲਾਂ ਅਨੇਕਾਂ ਸਰੀਰਕ ਕਸ਼ਟ ਦਿੱਤੇ ਗਏ ਅਤੇ ਉਨ੍ਹਾਂ ਦੇ ਮਾਸੂਮ ਪੁੱਤਰ ਬਾਬਾ ਅਜੈ ਸਿੰਘ ਦਾ ਦਿਲ ਉਨ੍ਹਾਂ ਦੇ ਮੂੰਹ ਵਿਚ ਪਾਇਆ ਗਿਆ। ਏਨੇ ਤਸੀਹੇ ਝੱਲਣ ਤੋਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਆਡੋਲ ਰਹਿੰਦਿਆਂ ਅਗਲੀਆਂ ਪੀੜ੍ਹੀਆਂ ਲਈ ਹੱਕ ਸੱਚ ਲਈ ਜੂਝਣ ਅਤੇ ਜ਼ੁਲਮ ਵਿਰੁੱਧ ਜੰਗ ਲੜਨ ਦੇ ਪੂਰਨੇ ਪਾਏ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ। ਇਸ ਤੋਂ ਬਾਅਦ ਸਜੇ ਦੀਵਾਨ ਵਿਚ ਗਿਆਨੀ ਹਰਪਾਲ ਸਿੰਘ ਢੰਡ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ ਅਤੇ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਮਨਜੀਤ ਸਿੰਘ, ਸ. ਪਰਮਦੀਪ ਸਿੰਘ, ਸ. ਨਿਰਮਲ ਸਿੰਘ ਤੇ ਸ. ਗੁਰਮੀਤ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਸਮੇਤ ਸੰਗਤਾਂ ਹਾਜ਼ਰ ਸਨ।