ਅੰਮ੍ਰਿਤਸਰ, 23 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ ਕੀਤਾ। ਇਸ ਪਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਫੈਸਲੇ ਅਨੁਸਾਰ ਇਹ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦੀ ਪ੍ਰਕਾਸ਼ਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵੱਖ-ਵੱਖ ਥਾਵਾਂ ‘ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਉਹ ਇਸ ਤੋਂ ਪ੍ਰੇਰਣਾ ਲੈ ਕੇ ਧਰਮ ਦੀਆਂ ਸਿੱਖਿਆਵਾਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨਾਵਾਰ ਪਰਚੇ ਦੀ ਸੰਪਾਦਨਾ ਦਾ ਕਾਰਜ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ‘ਸੇਵਾ ਸਰਗਰਮੀਆਂ’ ਦੀ ਪ੍ਰਕਾਸ਼ਨਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੋਚ ਦਾ ਬਿਹਤਰ ਪ੍ਰਗਟਾਵਾ ਹੈ। ਉਨ੍ਹਾਂ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਦਰਸ਼ਨ ਸਿੰਘ ਪੀ.ਏ. ਮੌਜੂਦ ਸਨ।