ਅੰਮ੍ਰਿਤਸਰ, ੧੪ ਨਵੰਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ ੫੨ ਕਿੱਤਾਕਾਰਾਂ ਦੇ ਸਨਮਾਨ ਲਈ ੧੧-੧੧ ਹਜ਼ਾਰ ਰੁਪਏ ਦੀ ਰਾਸ਼ੀ ਦੀ ਸੇਵਾ ਕਰਨ ‘ਤੇ ਮੁੰਬਈ ਨਿਵਾਸੀ ਸ. ਗੁਰਿੰਦਰ ਸਿੰਘ ਬਾਵਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਸ. ਗੁਰਿੰਦਰ ਸਿੰਘ ਬਾਵਾ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ। ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਸ. ਸਤਵਿੰਦਰ ਸਿੰਘ ਟੌਹੜਾ, ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਸ. ਰਘੂਜੀਤ ਸਿੰਘ ਵਿਰਕ ਅਤੇ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਬੇਅੰਤ ਸੰਗਤਾਂ ਨੇ ਵੱਖ-ਵੱਖ ਸੇਵਾਵਾਂ ਵਿਚ ਵੀ ਹਿੱਸਾ ਪਾਇਆ। ਉਨ੍ਹਾਂ ਸ. ਗੁਰਿੰਦਰ ਸਿੰਘ ਬਾਵਾ ਦਾ ਸਹਿਯੋਗ ਅਤੇ ਸੇਵਾ ਲਈ ਧੰਨਵਾਦ ਕੀਤਾ। ਇਸ ਮੌਕੇ ਸ. ਗੁਰਿੰਦਰ ਸਿੰਘ ਬਾਵਾ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੀ ਕਿਰਪਾ ਸਦਕਾ ਉਨ੍ਹਾਂ ਦੇ ਪ੍ਰਕਾਸ਼ ਗੁਰਪੁਰਬ ਸਮੇਂ ਸੇਵਾ ਕਰਨ ਦੇ ਯੋਗ ਹੋ ਸਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਹੋਰ ਮੌਜੂਦ ਸਨ।