-ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ ਸ਼ਿਰਕਤ
-ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਕੀਤਾ ਜਾਵੇਗਾ ਸਵਾਗਤ

ਅੰਮ੍ਰਿਤਸਰ, 26 ਫਰਵਰੀ- ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੀ ਸਰਕਾਰ ਵੱਲੋਂ ਸਿੱਖਾਂ ਦੇ ਉਜਾੜੇ ਦੀ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਦੀਆਂ ਸਰਗਰਮੀਆਂ ਦਾ ਵਿਸ਼ੇਸ਼ ਕੇਂਦਰ ਬਣੇ ਜ਼ਿਲ੍ਹਾ ਗਵਾਲੀਅਰ ਦੇ ਸ਼ਿਵਪੁਰੀ ਇਲਾਕੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿਚ ਸਿੱਖ ਸੰਗਤਾਂ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਮੱਧ ਪ੍ਰਦੇਸ਼ ਦੀ ਸੰਗਤ ਵੱਲੋਂ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਸਤਿਕਾਰ ਅਤੇ ਸਵਾਗਤ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਥਾਂ-ਥਾਂ ਸਵਾਗਤ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਵਫ਼ਦ ’ਚ ਸ਼ਾਮਲ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸਾਂਝੇ ਤੌਰ ’ਤੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਤੇ ਬਾਬਾ ਤੇਗਾ ਸਿੰਘ ਕਾਰ ਸੇਵਾ ਵਾਲੇ ਵੀ ਮੌਜੂਦ ਸਨ।
ਭਾਈ ਗਰੇਵਾਲ ਨੇ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਮੱਧ ਪ੍ਰਦੇਸ਼ ਪਹੁੰਚ ਕੇ ਸਮਾਗਮ ਵਿਚ ਸ਼ਾਮਲ ਹੋਣਾ ਇਤਿਹਾਸਕ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਮੱਧ ਪ੍ਰਦੇਸ਼ ਦੀ ਤਰੱਕੀ ਵਿਚ ਸਿੱਖਾਂ ਦਾ ਯੋਗਦਾਨ ਬਹੁਤ ਅਹਿਮ ਹੈ। ਇਨ੍ਹਾਂ ਸਮਾਗਮਾਂ ਲਈ ਸਮੂਹ ਧਰਮਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਿਵਪੁਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ, ਪ੍ਰਧਾਨ ਸ. ਸੁਰਿੰਦਰ ਸਿੰਘ, ਸ. ਗੁਰਮੇਜ ਸਿੰਘ, ਸ. ਨਰਿੰਦਰ ਸਿੰਘ, ਸ. ਦੇਵਾ ਸਿੰਘ, ਸ. ਮਹਿੰਗਾ ਸਿੰਘ, ਸ. ਗੁਰਵਿੰਦਰ ਸਿੰਘ, ਸ. ਭਗਵਾਨ ਸਿੰਘ ਆਦਿ ਮੌਜੂਦ ਸਨ।