ਸ਼ਿਵਪੁਰੀ ਵਿਖੇ ਧਰਮ ਪ੍ਰਚਾਰ ਲਈ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ- ਭਾਈ ਲੌਂਗੋਵਾਲ
ਸਰਕਾਰਾਂ ਦਾ ਕੰਮ ਲੋਕਾਂ ਦੀ ਹਿਫ਼ਾਜਤ ਕਰਨਾ ਹੈ ਬੇਘਰ ਕਰਨਾ ਨਹੀਂ- ਗਿਆਨੀ ਹਰਪ੍ਰੀਤ ਸਿੰਘ
ਮੱਧ ਪ੍ਰਦੇਸ਼ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 27 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ, ਬਾਬਾ ਤੇਗਾ ਸਿੰਘ ਕਾਰਸੇਵਾ ਸਰਹਾਲੀ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਮੱਧ ਪ੍ਰਦੇਸ਼ ਅੰਦਰ ਪੈਂਦੇ ਗੁਰਦੁਆਰਾ ਸ੍ਰੀ ਅਰਜਨ ਦੇਵ ਜੀ ਸ਼ਿਵਪੁਰੀ ਵਿਖੇ ਸੂਬਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਪੂਰੇ ਵਿਸ਼ਵ ਵਿਚ ਫੈਲੇ ਹੋਏ ਹਨ ਅਤੇ ਇਹ ਜਿਥੇ ਵੀ ਵੱਸਦੇ ਹਨ ਆਪਣੀ ਨਿਆਰੀ ਹੋਂਦ ਹਸਤੀ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਹਰ ਇੱਕ ਲਈ ਮੱਦਦਗਾਰ ਰਹਿੰਦੇ ਹਨ। ਪਰੰਤੂ ਹੈਰਾਨੀ ਦੀ ਗੱਲ ਹੈ ਕਿ ਬੀਤੇ ਦਿਨਾਂ ਅੰਦਰ ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਿੱਖਾਂ ਦੇ ਘਰ ਢਾਹ ਕੇ ਉਨ੍ਹਾਂ ਨੂੰ ਬੇਘਰ ਕਰਨ ਦੀ ਕੋਸ਼ਿਸ ਕੀਤੀ ਗਈ। ਸਰਕਾਰਾਂ ਦੀ ਜ਼ੁੰਮੇਵਾਰੀ ਲੋਕਾਂ ਦੀ ਹਿਫ਼ਾਜਤ ਕਰਨਾ ਹੈ ਨਾ ਕਿ ਵਿਨਾਸ਼। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਸਿੱਖਾਂ ਦੀ ਸਾਰ ਲੈਣ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਸਿੱਖਾਂ ਨੂੰ ਆਪਣੇ ਕੇਂਦਰੀ ਧੁਰੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹਿਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਵਿਖੇ ਸਿੱਖ ਮਿਸ਼ਨ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਅੰਦਰ ਵੱਡੀ ਗਿਣਤੀ ਵਿਚ ਵੱਸਦੇ ਸਿੱਖਾਂ ਤੱਕ ਨਿਰੰਤਰ ਪਹੁੰਚ ਬਣਾਉਣ ਲਈ ਇਥੇ ਹੋਰ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਭੇਜੇ ਜਾਣਗੇ। ਵੱਡੀ ਗਿਣਤੀ ਵਿਚ ਭੇਟਾ ਰਹਿਤ ਲਿਟਰੇਚਰ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਮੱਧ ਪ੍ਰਦੇਸ਼ ਦੇ ਪੀੜਤ ਸਿੱਖਾਂ ਤੱਕ ਜ਼ਮੀਨੀ ਪੱਧਰ ’ਤੇ ਰਾਬਤਾ ਬਣਾਉਣ ਦੀ ਪ੍ਰਸੰਸਾ ਕੀਤੀ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਨਾਲ ਹਮੇਸ਼ਾਂ ਖੜ੍ਹਣ ਦੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਬਾਬਾ ਘੋਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਕੋਹਨਾ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਥਾਨਕ ਸਿੱਖ ਸੰਗਤਾਂ ਵੱਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਕਾਰਜ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਦਰਸ਼ਨ ਸਿੰਘ ਪੀ.ਏ., ਬਾਬਾ ਗਿਆਨ ਸਿੰਘ ਕਾਰਸੇਵਾ ਵਾਲਾ, ਬਾਬਾ ਗੁਰਪ੍ਰੀਤ ਸਿੰਘ, ਸ. ਸੁਰਿੰਦਰ ਸਿੰਘ ਬਿੱਟੂ, ਸ. ਨਰਿੰਦਰ ਸਿੰਘ ਗਿੱਲ, ਸ੍ਰੀ ਬੀਰੇਂਦਰ ਰਘੂਵੰਸ਼ੀ ਐਮ.ਐਲ.ਏ., ਸ. ਮਨਜੀਤ ਸਿੰਘ ਰਿੰਕੂ ਭਾਟੀਆ, ਸ. ਜਸਬੀਰ ਸਿੰਘ ਗਾਂਧੀ, ਸ. ਨਰਿੰਦਰ ਸਿੰਘ ਆਦਿ ਮੌਜੂਦ ਸਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਦਾ ਭਰਵਾਂ ਸਵਾਗਤ
ਮੱਧ ਪ੍ਰਦੇਸ਼ ਅੰਦਰ ਸੂਬਾ ਪੱਧਰੀ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਗਵਾਲੀਅਰ ਦੇ ਰੇਲਵੇ ਸਟੇਸ਼ਨ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ ਜਿਨ੍ਹਾਂ ਨੇ ਸਿੱਖ ਸ਼ਖ਼ਸੀਅਤਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਜੀ ਆਇਆਂ ਕਿਹਾ। ਇਸੇ ਦੌਰਾਨ ਸ਼ਿਵਪੁਰੀ ਪੁੱਜਣ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦੇ ਨਾਲ-ਨਾਲ ਮੁਸਲਮਾਨ ਭਾਈਚਾਰੇ ਨੇ ਵੀ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਇਥੇ ਰਾਵਤ ਭਾਈਚਾਰੇ ਦੇ ਲੋਕ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਸਮਾਗਮ ਅਸਥਾਨ ਤੱਕ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਖੁੱਲ੍ਹੀ ਗੱਡੀ ਵਿਚ ਕਾਫਲੇ ਦੇ ਰੂਪ ਲਿਜਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਪੁੱਜਣ ’ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਮਾਹੌਲ ਖ਼ਾਲਸਾਈ ਰੰਗ ਵਿਚ ਰੰਗਿਆ ਗਿਆ।