ਅੰਮ੍ਰਿਤਸਰ ੧੧ ਜਨਵਰੀ ( )- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ, ਲਖਨਊ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਡੇ ਲਈ ਰਾਹ ਦਸੇਰਾ ਹੈ। ਗੁਰੂ ਜੀ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਖਾਲਸੇ ਨੂੰ ਆਪਣੇ ਪੁੱਤਰ ਹੋਣ ਦਾ ਮਾਣ ਬਖਸ਼ਿਆ ਹੈ। ਅੱਜ ਲੋੜ ਹੈ ਕਿ ਅਸੀਂ ਸਾਬਤ ਸੂਰਤ ਰਹਿੰਦੇ ਹੋਏ ਗੁਰੂ ਸਾਹਿਬ ਵੱਲੋਂ ਬਖਸ਼ੀ ਰਹਿਤ-ਬਹਿਤ ਵਿਚ ਪ੍ਰਪੱਕ ਹੋਈਏ। ਸੰਗਤਾਂ ਦੀ ਮੰਗ ਅਨੁਸਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਲਮਬਾਗ ਲਖਨਊ ਵਿਖੇ ਸਿੱਖ ਮਿਸ਼ਨ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੋਂਗੋਵਾਲ ਦਾ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ ਲਖਨਊ ਵਿਖੇ ਪਹੁੰਚਣ ‘ਤੇ ਸੰਗਤਾਂ ਨੇ ਜ਼ੋਰਦਾਰ ਸਵਾਗਤ ਕੀਤਾ।
ਇਸ ਮੌਕੇ ਹਾਜ਼ਰ ਸ਼ਖਸੀਅਤਾਂ ਵਿਚ ਸ. ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਸੁਮੇਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜੋਗਿੰਦਰ ਸਿੰਘ, ਵਰਕਿੰਗ ਪ੍ਰਧਾਨ ਸ. ਨਿਰਮਲ ਸਿੰਘ ਰਿੰਕੂ, ਸ. ਭੁਪਿੰਦਰ ਸਿੰਘ ਭਿੰਦਾ, ਸ. ਚਰਨਜੀਤ ਸਿੰਘ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।