ਅੰਮ੍ਰਿਤਸਰ, ੫ ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ।

ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਅਤੇ ਸਿੱਖ ਧਰਮ ‘ਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਕੇ ਗੁਰੂ ਸਾਹਿਬ ਦੀ ਖ਼ੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਮਾਤਾ ਸੁੰਦਰ ਕੌਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਮਾਤਾ ਸੁੰਦਰ ਕੌਰ ਜੀ ਨੇ ਬਿਖੜੇ ਸਮੇਂ ਵਿਚ ਸਿੱਖ ਕੌਮ ਦੀ ਅਗਵਾਈ ਕੀਤੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕੀਤੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਰੂਪ ਸਿੰਘ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਕਰਮਬੀਰ ਸਿੰਘ ਕਿਆਮਪੁਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਮੁਖਤਿਆਰ ਸਿੰਘ ਕੁਹਾੜਕਾ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।