ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਹੋਵੇਗੀ ਇਕੱਤਰਤਾ

ਅੰਮ੍ਰਿਤਸਰ, ੨੫ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਅੰਦਰ ਕਰਵਾਏ ਜਾਣ ਵਾਲੇ ਸੈਮੀਨਾਰਾਂ ਸਬੰਧੀ ਸਕੂਲ ਪ੍ਰਿੰਸੀਪਲਾਂ ਦੀ ਇਕੱਤਰਤਾ ੩ ਅਗਸਤ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸੈਮੀਨਾਰ ਸਬ-ਕਮੇਟੀ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ੧੩ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁੱਖ ਸੈਮੀਨਾਰਾਂ ਤੋਂ ਇਲਾਵਾ ਕਾਲਜਾਂ ਅਤੇ ਸਕੂਲਾਂ ਅੰਦਰ ਵੀ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਅੰਦਰ ਸੈਮੀਨਾਰਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸਕੂਲ ਪ੍ਰਿੰਸੀਪਲਾਂ ਦੀ ਇਕੱਤਰਤਾ ੩ ਅਗਸਤ ਨੂੰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਬਠਿੰਡਾ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਇਕੱਤਰਤਾ ੨੭ ਜੁਲਾਈ ਨੂੰ ਤੈਅ ਕੀਤੀ ਗਈ ਸੀ, ਲੇਕਿਨ ਖ਼ਰਾਬ ਮੌਸਮ ਦੇ ਮੱਦੇਨਜ਼ਰ ਹੁਣ ਇਹ ਇਕੱਤਰਤਾ ੩ ਅਗਸਤ ਨੂੰ ਸਵੇਰੇ ੧੧:੦੦ ਵਜੇ ਹੋਵੇਗੀ। ਇਸੇ ਦੌਰਾਨ ਸੈਮੀਨਾਰ ਸਬ-ਕਮੇਟੀ ਦੇ ਕੋਆਰਡੀਨੇਟਰ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ੩ ਅਗਸਤ ਦੀ ਇਕੱਤਰਤਾ ਸਬੰਧੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ।